ਨਵੀਂ ਦਿੱਲੀ, 18 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਤੋਂ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਉਪਰੰਤ ਮੁੱਖ ਮੰਤਰੀ ਨੇ ਅਗਲੇਰੀਆਂ ਲੋੜੀਂਦੀਆਂ ਰਸਮਾਂ ਲਈ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਰਾਜਪਾਲ ਨੂੰ ਭੇਜ ਦਿੱਤਾ। ਰਾਣਾ ਗੁਰਜੀਤ ਸਿੰਘ ਦੇ ਮਹਿਕਮਿਆਂ ਦਾ ਚਾਰਜ ਹਾਲ ਦੀ ਘੜੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੋਲ ਰੱਖ ਲਿਆ।
ਅੱਜ ਇੱਥੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ 10 ਦਿਨ ਪਹਿਲਾਂ ਦਿੱਤੇ ਅਸਤੀਫੇ ਦਾ ਮਾਮਲਾ ਅੱਜ ਰਾਹੁਲ ਗਾਂਧੀ ਨਾਲ ਵਿਚਾਰਿਆ ਗਿਆ ਜਿਸ ਤੋਂ ਬਾਅਦ ਇਸ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਗਿਆ।
ਆਪਣੇ ਅਸਤੀਫੇ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਵੇਂ ਕਿ ਉਹ ਪਿਛਲੇ 10 ਸਾਲਾਂ ਤੋਂ ਆਪਣੇ ਪਰਿਵਾਰ ਦੇ ਕਾਰੋਬਾਰ ਨਾਲ ਨਹੀਂ ਜੁੜੇ ਹੋਏ ਪਰ ਪਿਛਲੇ ਕੁਝ ਮਹੀਨਿਆਂ ਵਿੱਚ ਛਿੜੇ ਵਿਵਾਦ ਕਾਰਨ ਪਾਰਟੀ ਦੇ ਹਿੱਤ ਵਿਚ ਅਸਤੀਫਾ ਦੇਣ ਦਾ ਰਾਹ ਚੁਣਿਆ। ਉਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਵਲੋਂ ਕੀਤੇ ਚੰਗੇ ਕੰਮਾਂ ਵਿੱਚ ਉਹ ਰੁਕਾਵਟ ਪੈਣ ਦਾ ਮਸਲਾ ਨਹੀਂ ਖੜਾ ਹੋਣ ਦੇਣਾ ਚਾਹੁੰਦੇ ਜਿਸ ਕਰਕੇ ਉਨਾਂ ਨੇ ਆਪਣੀ ਪਾਰਟੀ ਦੇ ਹਿੱਤ ਵਿੱਚ ਅਸਤੀਫਾ ਦਿੱਤਾ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਕਾਂਗਰਸ ਦੀ ਪੰਜਾਬ ਇਕਾਈ ਦੇ ਪੁਨਰਗਠਨ ਦਾ ਮਾਮਲਾ ਵੀ ਵਿਚਾਰਿਆ ਗਿਆ। ਉਨਾਂ ਕਿਹਾ ਕਿ ਪਾਰਟੀ ਦਾ ਪੁਨਰਗਠਨ ਵਿਸ਼ੇਸ਼ ਕਰਕੇ ਸਾਲ2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ, ਬਹੁਤ ਛੇਤੀ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਮਗਰੋਂ ਕੀਤਾ ਜਾਵੇਗਾ। ਉਨਾਂ ਪੱਤਰਕਾਰਾਂ ਨੂੰ ਦੱਸਿਆ ਕਿ ਮੰਤਰੀ ਮੰਡਲ ਦੇ ਵਿਸਥਾਰ ਲਈ ਪਹਿਲਾਂ ਵਾਂਗ ਹੁਣ ਵੀ ਨਵੇਂ ਮੰਤਰੀਆਂ ਦੀ ਚੋਣ ਲਈ ਨੌਜਵਾਨ ਅਤੇ ਹੁਨਰ ਦੇ ਸੁਮੇਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।