ਨਵੀਂ ਦਿੱਲੀ, 10 ਅਪ੍ਰੈਲ – ਸੁਪਰੀਮ ਕੋਰਟ ਨੇ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਹਰੀ ਝੰਡੀ ਦੇ ਦਿੱਤੀ ਹੈ| ਇਸ ਤੋਂ ਪਹਿਲਾਂ ਇਸ ਫਿਲਮ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਅਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ਿੰਗ ‘ਤੇ ਰੋਕ ਲਗਾਉਣ ਦੀ ਮੰਗ ਕੀਤੀ।
ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਅਤੇ ਮੁਖ ਮੰਤਰੀ ਪੰਜਾਬ ਨੂੰ ਲਿਖੇ ਗਏ ਵੱਖ-ਵੱਖ ਪੱਤਰਾਂ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਫਿਲਮ ਨੂੰ ਜਾਰੀ ਨਾ ਹੋਣ ਦਿੱਤਾ ਜਾਵੇ।
ਵਰਨਣਯੋਗ ਹੈ ਕਿ ਇਹ ਫਿਲਮ 13 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ|