ਚੰਡੀਗੜ, 9 ਅਗਸਤ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਸਭਰਾਂ ਸਥਿਤ ਪਾਵਰਕਾਮ ਦੇ ਦਫਤਰ, ਤਰਨਤਾਰਨ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਸਰੂਪ ਸਿੰਘ ਨੂੰ 12000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਸਰੂਪ ਸਿੰਘ ਨੂੰ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਪਿੰਡ ਸਭਰਾਂ, ਤਰਨਤਾਰਨ ਦੀ ਸ਼ਿਕਾਇਤ ‘ਤੇ 12000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਉਸ ਦੀ ਵਾਹੀਯੋਗ ਜਮੀਨ ‘ਤੇ ਨਵਾਂ ਟਿਊਬਵੈਲ ਕੂਨੈਕਸ਼ਨ ਲਾਉਣ ਬਦਲੇ 12000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।