ਬਿਕਰਮ ਮਜੀਠੀਆ ਨੇ ਕਿਹਾ ਕਿ ਕੋਈ ਵੀ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇੱਕ ਪਵਿੱਤਰ ਮੌਕੇ ਦਾ ਇਸ ਢੰਗ ਨਾਲ ਸਿਆਸੀਕਰਨ ਨਹੀਂ ਕਰ ਸਕਦਾ
ਚੰਡੀਗੜ•/26 ਨਵੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਰਤਾਰਪੁਰ ਲਾਂਘੇ ਦਾ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਦੇ ਨੀਂਹ ਪੱਥਰ ਨੂੰ ਕਾਲਾ ਕਰਕੇ ਘਟੀਆ ਸਿਆਸਤ ਕਰਨ ਲਈ ਕਾਂਗਰਸ ਪਾਰਟੀ ਅਤੇ ਇਸ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਖ਼ਤ ਨਿਖੇਧੀ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਵੱਲੋਂ ਕੀਤੀ ਹਰਕਤ ਬਹੁਤ ਹੀ ਸ਼ਰਮਨਾਕ ਸੀ, ਜੋ ਕਿਸੇ ਸਿੱਖ ਅਤੇ ਪੰਜਾਬ ਸਰਕਾਰ ਦੇ ਮੰਤਰੀ ਨੂੰ ਸ਼ੋਭਾ ਨਹੀਂ ਦਿੰਦੀ। ਉਹਨਾਂ ਕਿਹਾ ਕਿ ਕੋਈ ਵੀ ਸਿੱਖ ਅਜਿਹੀ ਮਾੜੀ ਹਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇੱਕ ਪਵਿੱਤਰ ਮੌਕੇ ਨੂੰ ਖਰਾਬ ਕਰਨ ਅਤੇ ਇਸ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਨਹੀਂ ਕਰੇਗਾ।
ਸਰਦਾਰ ਮਜੀਠੀਆ ਨੇ ਕਿਹਾ ਕਿ ਰੰਧਾਵਾ ਦੀਆਂ ਹਰਕਤਾਂ ਨੂੰ ਉਸ ਦੇ ਅਤੀਤ ਵਿਚ ਝਾਤ ਮਾਰ ਕੇ ਸੌਖਿਆ ਸਮਝਿਆ ਜਾ ਸਕਦਾ ਹੈ। ਉਹ ਨਾ ਸਿਰਫ ਉਸ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦਾ ਹੈ, ਜਿਸ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਟੈਕਾਂ ਨਾਲ ਹਮਲਾ ਕੀਤਾ ਸੀ ਅਤੇ 1984 ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਸੀ, ਸਗੋਂ ਉਹ ਇੱਕ ਅਜਿਹੇ ਪਰਿਵਾਰ ਵਿਚੋਂ ਵੀ ਹੈ, ਜਿਸ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਲਈ ਇੰਦਰਾ ਗਾਂਧੀ ਦੀ ਤਾਰੀਫ ਕੀਤੀ ਸੀ।
ਇਹ ਟਿੱਪਣੀ ਕਰਦਿਆਂ ਕਿ ਸੁੱਖੀ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲੇ ਦਾ ਸਵਾਗਤ ਕੀਤਾ ਸੀ, ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸੀ ਮੰਤਰੀ ਨੇ ਆਪਣੀ ਅੱਜ ਦੀ ਹਰਕਤ ਨਾਲ ਨਾ ਸਿਰਫ ਇੱਕ ਪਵਿੱਤਰ ਸਮਾਗਮ ਦਾ ਸਿਆਸੀਕਰਨ ਕੀਤਾ ਹੈ, ਸਗੋਂ ਆਪਣੀ ਸੌੜੀ ਮਾਨਸਿਕਤਾ ਦਾ ਵੀ ਇਜ਼ਹਾਰ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਸਾਰੇ ਸਿੱਖ ਇਸ ਨੀਹ ਪੱਥਰ ਸਮਾਗਮ ਦੇ ਸ਼ੁਰੂ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ ਤਾਂ ਕਾਂਗਰਸ ਪਾਰਟੀ ਅਤੇ ਇਸ ਦੇ ਆਗੂਆਂ ਨੇ ਇਸ ਦਾ ਸਿਹਰਾ ਲੈਣ ਦੀ ਸਿਆਸੀ ਖੇਡ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਵਤੀਰਾ ਹੈ, ਜੋ ਕਿ ਸਪੱਸ਼ਟ ਕਰਦਾ ਹੈ ਕਿ ਕਾਂਗਰਸ ਪਾਰਟੀ ਸਿੱਖ ਧਰਮ ਦਾ ਕਿੰਨਾ ਕੁ ਸਤਿਕਾਰ ਕਰਦੀ ਹੈ।
ਇਹ ਟਿੱਪਣੀ ਕਰਦਿਆਂ ਕਿ ਰੰਧਾਵਾ ਅਜਿਹੀਆਂ ਘਟੀਆ ਹਰਕਤਾਂ ਨਾਲ ਬਾਦਲ ਸਾਹਿਬ ਦੇ ਇਸ ਲਾਂਘੇ ਨੂੰ ਹੋਂਦ ਵਿਚ ਲਿਆਉਣ ਦੇ ਯਤਨਾਂ ਨੂੰ ਢਾਹ ਨਹੀਂ ਲਾ ਸਕਦਾ, ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਇਹ ਮੁੱਦਾ ਉਠਾਏ ਜਾਣ ਮਗਰੋਂ 1999ਵਿਚ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਨੇ ਪਾਕਿਸਤਾਨ ਕੋਲ ਇਹ ਲਾਂਘਾ ਕਾਇਮ ਕਰਨ ਦਾ ਪ੍ਰਸਤਾਵ ਰੱਖਿਆ ਸੀ। ਉਹਨਾਂ ਕਿਹਾ ਕਿ ਇਸ ਲਾਂਘੇ ਦੀ ਸਥਾਪਤੀ ਲਈ 2010 ਵਿਚ ਬਾਦਲ ਸਾਹਿਬ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਇੱਕ ਮਤਾ ਪਾਸ ਕੀਤਾ ਸੀ।
ਕਾਂਗਰਸ ਪਾਰਟੀ ਨੂੰ ਕਰਤਾਰਪੁਰ ਲਾਂਘੇ ਦੇ ਮੁੱਦੇ ਉੱਤੇ ਸਿਆਸਤ ਨਾ ਕਰਨ ਲਈ ਆਖਦਿਆਂ ਸਰਦਾਰ ਮਜੀਠੀਆ ਨੇ ਇਹ ਲਾਂਘਾ ਖੋਲ•ਣ ਦੀ ਸਿੱਖਾਂ ਦੀ ਮੁੱਦਤਾਂ ਪੁਰਾਣੀ ਮੰਗ ਪੂਰੀ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸੁੱਖੀ ਰੰਧਾਵਾ ਨੂੰ ਅਜਿਹੀਆਂ ਘਟੀਆ ਹਰਕਤਾਂ ਕਰਕੇ ਆਪਣੀ ਬੇਵਸੀ ਦਾ ਇਜ਼ਹਾਰ ਨਹੀਂ ਕਰਨਾ ਚਾਹੀਦਾ। ਉਸ ਨੂੰ ਮਹਾਨ ਗੁਰੂ ਸਾਹਿਬਾਨ ਵੱਲੋਂ ਦਿੱਤੇ ਸੁਨੇਹੇ ‘ਸਰਬਤ ਦੇ ਭਲੇ’ ਨੂੰ ਅਮਲ ਵਿਚ ਲਿਆਉਣਾ ਚਾਹੀਦਾ ਹੈ।