ਸੂਬੇ ਵਿਚ ਕਾਨੂੰਨ ਅਤੇ ਨਿਆਂ ਦੀ ਸਥਿਤੀ ਬਦ ਤੋਂ ਬਦਤਰ ਹੋਈ-ਭਗਵੰਤ ਮਾਨ

13


ਆਮ ਆਦਮੀ ਪਾਰਟੀ ਦੇ ਵਫ਼ਦ ਨੇ ਚੇਤਨ ਸਿੰਘ ਜੋੜ ਮਾਜਰਾ ‘ਤੇ ਹੋਏ ਹਮਲੇ ਦੇ ਸੰਬੰਧ ਵਿਚ ਚੀਫ਼ ਇਲੈਕਟੋਰਲ ਅਫ਼ਸਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 14 ਮਾਰਚ-  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਕਾਨੂੰਨ ਅਤੇ ਨਿਆਂ ਵਿਵਸਥਾ ਸੰਬੰਧੀ ਅੱਖਾਂ ਮੀਚ ਲੈਣ ਦਾ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਨੇ ਇਸ ਦੀ ਕਰੜੀ ਆਲੋਚਨਾ ਕੀਤੀ। ‘ਆਪ’ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਦਿਨ ਨਹੀਂ ਹੈ ਜਿਸ ਦਿਨ ਸੂਬੇ ਵਿਚ ਲੁੱਟ ਮਾਰ ਜਾਂ ਕੋਈ ਹੋਰ ਅਣ ਸੁਖਾਵੀਂ ਘਟਨਾ ਦੀ ਖ਼ਬਰ ਨਾ ਆਈ ਹੋਵੇ।
ਮਾਨ ਨੇ ਕਿਹਾ ਕਿ ਅੱਜ ਵਾਪਰੀ ਘਟਨਾ ਵਿਚ ਆਮ ਆਦਮੀ ਪਾਰਟੀ ਪਟਿਆਲਾ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੋੜ ਮਾਜਰਾ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਗੋਲੀ ਚਲਾ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੋੜ ਮਾਜਰਾ ‘ਤੇ ਹਮਲਾ ਉਦੋਂ ਹੋਇਆ ਜਦੋਂ ਉਹ ਗੁੰਡਿਆਂ ਤੋਂ ਇੱਕ ਲੜਕੀ ਨੂੰ ਅਗਵਾ ਕਰਨ ਤੋਂ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਗਰੋਂ ਜੋੜ ਮਾਜਰਾ ਨੂੰ ਨੇੜੇ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਮਾਨ ਨੇ ਕਿਹਾ ਕਿ ਇਹ ਅਜਿਹੀ ਕੋਈ ਪਹਿਲੀ ਘਟਨਾ ਨਹੀਂ ਹੈ ਜਿਸ ਵਿਚ ਕਾਨੂੰਨ ਅਤੇ ਪੁਲਿਸ ਦੇ ਡਰ ਤੋਂ ਬੇਖ਼ੌਫ ਗੁੰਡਿਆਂ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਰ ਰੋਜ਼ ਅਜਿਹੀਆਂ ਅਣਗਿਣਤ ਘਟਨਾਵਾਂ ਹੋ ਰਹੀਆਂ ਹਨ।
ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਇਸ ਘਟਨਾ ਦੇ ਸੰਬੰਧ ਵਿਚ ਪੰਜਾਬ ਦੇ ਚੀਫ਼ ਇਲੌਕਟੋਰਲ ਅਫ਼ਸਰ ਨਾਲ ਮੁਲਾਕਾਤ ਕਰ ਕੇ ਸਮੁੱਚੀ ਘਟਨਾ ਦੀ ਜਾਣਕਾਰੀ ਦਿੱਤੀ। ਵਫ਼ਦ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ ਸ਼ਾਮਲ ਸਨ। ਮੁਲਾਕਾਤ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਧਵਾਂ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਦੀ ਨਾਲਾਇਕੀ ਕਾਰਨ ਪੰਜਾਬ ਦੀਆਂ ਧੀਆਂ ਭੈਣਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਲੁੱਟ-ਖਸੁੱਟ, ਛੇੜਛਾੜ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਨਾਲ ਸੂਬੇ ਦਾ ਹਰ ਨਾਗਰਿਕ ਡਰ ਦੇ ਮਾਹੌਲ ਵਿਚ ਜਿਊਣ ਲਈ ਮਜਬੂਰ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਵਿਚ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵੀ ਰਾਜਨੀਤਿਕ ਆਗੂਆਂ ਦੇ ਡਰ ਤੋਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਵੀ ਸਮੁੱਚਾ ਪੰਜਾਬ ਜਾਣੂ ਹੈ ਕਿ ਇਨ੍ਹਾਂ ਅਪਰਾਧੀਆਂ ਅਤੇ ਗੈਂਗਸਟਰਾਂ ਪਿੱਛੇ ਰਾਜਸੀ ਆਗੂਆਂ ਦਾ ਹੱਥ ਹੈ।