ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

16


ਚੰਡੀਗੜ੍ਹ, 12 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਮਾੜੀ ਉਦੋਕੇ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਸ਼ਾਮਲ ਵਿਰੋਧੀ ਧਿਰ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮੱਦਦ ਕਰਨ ਬਦਲੇ ਏ.ਐਸ.ਆਈ ਵੱਲੋਂ 15,000 ਰੁਪਏ ਦੀ ਮੰਗ ਕੀਤੀ ਗਈ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਉਕਤ ਏ.ਐਸ.ਆਈ ਨੂੰ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਅਦਾ ਕਰ ਚੁੱਕਾ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।