ਚੰਡੀਗੜ੍ਹ, 20 ਅਗਸਤ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ‘ਚ ਮੀਂਹ ਅਤੇ ਨਦੀਆਂ ਦਰਿਆਵਾਂ-ਨਾਲਿਆਂ ‘ਚ ਆਏ ਉਛਾਲ ਕਾਰਨ ਮੱਚੀ ਭਾਰੀ ਤਬਾਹੀ ਲਈ ਹੁਣ ਤੱਕ ਦੀਆਂ ਕਾਂਗਰਸ ਅਤੇ ਅਕਾਲੀ-ਭਾਜਪਾ (ਬਾਦਲ) ਸਰਕਾਰਾਂ ਨੂੰ ਸਿੱਧਾ ਜ਼ਿੰਮੇਵਾਰ ਠਹਿਰਾਇਆ।
‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਪੰਜ ਦਰਿਆਵਾਂ’ ਦੀ ਸਰਜਮੀਂ ਪੰਜਾਬ ਲਈ ਇਸ ਤੋਂ ਵੱਡੀ ਤ੍ਰਾਸਦੀ ਕੀ ਹੋ ਸਕਦੀ ਹੈ ਕਿ ਇੱਕ ਪਾਸੇ ਕੇਂਦਰ ਦੀਆਂ ਕਾਂਗਰਸੀ ਅਤੇ ਅਕਾਲੀ-ਭਾਜਪਾ ਸਰਕਾਰਾਂ ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਦੀ ਅੰਨ੍ਹੀ ਲੁੱਟ, ਕੁਦਰਤੀ ਜਲ ਸਰੋਤਾਂ ਅਤੇ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿਗ ਰਹੇ ਪੱਧਰ ਕਾਰਨ ਅਗਲੇ 20 ਸਾਲਾਂ ਤੱਕ ਸੂਬੇ ‘ਤੇ ਮਾਰੂਥਲ ਬਣਨ ਦੇ ਖ਼ਤਰੇ ਮੰਡਰਾ ਰਹੇ ਹਨ, ਦੂਜੇ ਪਾਸੇ ਬਰਸਾਤਾਂ ਦੌਰਾਨ ਹਰ ਸਾਲ ਆਉਂਦੇ ਹੜ੍ਹਾਂ ਅਤੇ ਘੱਗਰ, ਸਤਲੁਜ ਤੇ ਬਿਆਸ ਆਦਿ ਦਰਿਆਵਾਂ ਦੇ ਪਾੜ ਕਰੋੜਾਂ-ਅਰਬਾਂ ਰੁਪਏ ਦਾ ਨੁਕਸਾਨ ਕਰ ਦਿੰਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਮੀਂਹ ਅਤੇ ਹੜ੍ਹ ਕੁਦਰਤੀ ਆਫ਼ਤ ਹਨ ਪਰੰਤੂ ਜੇਕਰ ਪਿਛਲੇ ਦਹਾਕਿਆਂ ਦੌਰਾਨ ਸੱਤਾਧਾਰੀ ਕਾਂਗਰਸ ਅਤੇ ਅਕਾਲੀ-ਭਾਜਪਾ (ਬਾਦਲ) ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੁਹਿਰਦ ਸੋਚ ਰੱਖਦੇ ਹੁੰਦੇ ਤਾਂ ਮਾਨਸੂਨ ਦੀ ਇਹ ਬਰਸਾਤ ਆਫ਼ਤ ਨਹੀਂ ਸਗੋਂ ਸੂਬੇ ਲਈ ਵਰਦਾਨ ਬਣਦੀ।
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਵੱਲੋਂ ਹੜ੍ਹਾਂ ਬਾਰੇ ਅਖ਼ਬਾਰੀ ਬਿਆਨਾਂ, ਸੋਸ਼ਲ ਮੀਡੀਆ ਅਤੇ ਪ੍ਰਭਾਵਿਤ ਇਲਾਕਿਆਂ ‘ਚ ਦੌਰਿਆਂ ਅਤੇ ਅਧਿਕਾਰੀਆਂ ਨਾਲ ਮੈਰਾਥਨ ਬੈਠਕ ਨੂੰ ਲੋਕਾਂ ਦੀਆਂ ਅੱਖਾਂ ‘ਚ ਘੱਟਾ ਕਰਾਰ ਦਿੰਦੇ ਹੋਏ ਕਿਹਾ ਕਿ ਹਰ ਸਰਕਾਰ ਬਰਸਾਤ ਦੇ ਦਿਨਾਂ ‘ਚ ਇਹੋ ਕਸਰਤਾਂ ਕਰਦੀਆਂ ਰਹੀਆਂ ਹਨ ਪਰੰਤੂ ਨਾ ਘੱਗਰ ਦੀ ਤਬਾਹੀ ਰੁਕੀ ਹੈ ਅਤੇ ਨਾ ਹੀ ਸਤਲੁਜ-ਬਿਆਸ ਤੇ ਹੋਰ ਬਰਸਾਤੀ ਨਾਲਿਆਂ ਦੀ।
ਚੀਮਾ ਨੇ ਸਿੰਚਾਈ/ਡਰੇਨ ਵਿਭਾਗ ‘ਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਅਤੇ ਸੈਂਡ ਮਾਫ਼ੀਆ ਨੂੰ ਬਰਸਾਤ ਅਤੇ ਘੱਗਰ, ਸਤਲੁਜ ਅਤੇ ਬਿਆਸ ਵੱਲੋਂ ਮਚਾਈ ਜਾਂਦੀ ਤਬਾਹੀ ਲਈ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਇਸ ਮਾਫ਼ੀਆ ਅੱਗੇ ਕੈਪਟਨ ਅਮਰਿੰਦਰ ਸਿੰਘ ਵੀ ਬਾਦਲਾਂ ਵਾਂਗ ਗੋਡੇ ਟੇਕ ਚੁੱਕੇ ਹਨ, ਕਿਉਂਕਿ ਹੁਣ ਕਾਂਗਰਸੀ ਇਸ ਮਾਫ਼ੀਆ ਦਾ ਹਿੱਸੇਦਾਰ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ, ਪ੍ਰਦੂਸ਼ਣ ਮੁਕਤੀ ਅਤੇ ਸਾਂਭ ਸੰਭਾਲ ਲਈ ਜਿੱਥੇ ਦੂਰ ਅੰਦੇਸ਼ੀ ਠੋਸ ਜਲ ਨੀਤੀ ਦੀ ਜ਼ਰੂਰਤ ਹੈ, ਉੱਥੇ ਇਸ ਨੂੰ ਲਾਗੂ ਕਰਨ ਲਈ ਇੱਕ ਵੱਡੇ ਬਜਟ ਦੀ ਲੋੜ ਹੈ, ਜਿਸ ਨੂੰ ਲੋਕਾਂ ਦੀ ਨਿਗਰਾਨੀ ਥੱਲੇ ਇਮਾਨਦਾਰੀ ਨਾਲ ਖ਼ਰਚ ਕੀਤਾ ਜਾਵੇ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਘਰਾਂ ਤੋਂ ਲੈ ਕੇ ਖੇਤਾਂ-ਫ਼ੈਕਟਰੀਆਂ ਤੱਕ ‘ਵਾਟਰ ਹਾਰਵੈਸਟਿੰਗ’ ਨੀਤੀ ਲਾਗੂ ਕਰਵਾਈ ਜਾਵੇ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...