– ਮਾਲ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ
– ਵਿਧਾਇਕਾਂ ਸਮੇਤ ਸ਼ਾਹਕੋਟ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਰਾਹੀਂ ਦੌਰਾ
ਲੋਹੀਆਂ (ਜਲੰਧਰ ) 21 ਅਗਸਤ ()-ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰ.ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਕੰਮਲ ਮੁਆਵਜ਼ਾ ਕਿਸਾਨਾਂ ਨੂੰ ਬਹੁਤ ਜਲਦ ਦਿੱਤਾ ਜਾਵੇਗਾ ਜਿਸ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਅੱਜ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਨਾਲ ਸ਼ਾਹਕੋਟ ਅਤੇ ਲੋਹੀਆਂ ਤੇ ਹੋਰਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਰਾਹੀਂ ਦੌਰਾ ਕਰਨ ਮੌਕੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਢਲੇ ਅੰਦਾਜ਼ੇ ਮੁਤਾਬਿਕ ਸ਼ਾਹਕੋਟ ਸਬ ਡਵੀਜ਼ਨ ਵਿੱਚ 30000 ਏਕੜ ਤੋਂ ਵੱਧ ਫ਼ਸਲ ਪਾਣੀ ਦੀ ਮਾਰ ਹੇਠ ਆਈ ਹੈ ਜਿਸ ਵਿੱਚ ਮੁੱਖ ਤੌਰ ‘ਤੇ ਝੋਨੇ ਦੀ ਫ਼ਸਲ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਸ਼ਾਹਕੋਟ ਸਬ ਡਵੀਜ਼ਨ ਦੇ ਪਿੰਡਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਪਾਣੀ ਘੱਟਣ ਤੋਂ ਤੁਰੰਤ ਬਾਅਦ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਬੰਧਿਤ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਹੜ੍ਹ ਕਾਰਨ ਹੋਏ ਨੁਕਸਾਨ ਬਾਰੇ ਰਿਪੋਰਟਾਂ ਤਲਬ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਤੋਂ ਇਲਾਵਾ ਲੋਕਾਂ ਦੇ ਹੋਰ ਮਾਲੀ ਨੁਕਸਾਨਾਂ ਦੀ ਪੂਰਤੀ ਵੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕੰਮਾਂ ਲਈ ਪੂਰੀ ਮਸ਼ੀਨਰੀ ਝੋਕੀ ਗਈ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਭੋਜਨ, ਦਵਾਈਆਂ ,ਪੀਣ ਵਾਲਾ ਪਾਣੀ ਅਤੇ ਪਸ਼ੂ ਧੰਨ ਲਈ ਚਾਰੇ ਅਤੇ ਤੂੜੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਫੌਜ , ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।
ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸ੍ਰੀ ਕਾਂਗੜ ਨੂੰ ਹੜ੍ਹ ਦੇ ਕਾਰਨਾਂ ਅਤੇ ਭਵਿੱਖ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਲੋਕਾਂ ਦੇ ਹੋਏ ਨੁਕਸਾਨ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਮੁੜ ਵਸੇਬੇ ਲਈ ਵਡੇਰੇ ਯਤਨ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਰਾਹਤ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਪੀ.ਸਿਨਹਾ, ਸਿੰਚਾਈ ਵਿਭਾਗ ਦੇ ਸਕੱਤਰ ਸਰਵਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਡੀ.ਐਮ.ਜਲੰਧਰ ਪਰਮਵੀਰ ਸਿੰਘ ਅਤੇ ਐਸ.ਡੀ.ਐਮ.ਸ਼ਾਹਕੋਟ ਚਾਰੂਮਿਤਾ ਵੀ ਹਾਜ਼ਰ ਸਨ।