ਮਨਪ੍ਰੀਤ ਬਾਦਲ ਤੇ ਵਿਜੇਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

456

ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨੇ ਮਹਾਰਾਸ਼ਟਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦੇ ਲਈ ਕਰਾਇਆ ਪ੍ਰੋਗਰਾਮ

ਮੁੰਬਈ, 24 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਸਦੇ ਸਮੂਹ ਪੰਜਾਬੀ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ’ਚ ਵਧ-ਚੜ੍ਹ ਕੇ ਸਾਮਲ ਹੋਣ ਦਾ ਸੱਦਾ ਦਿੱਤਾ।

        550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਉਲੀਕੇ ਸਮਾਗਮਾਂ ਲਈ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਤਰ ਦੇਣ ਲਈ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਮੁੰਬਈ ਵਿਖੇ ਸ੍ਰੀ ਬਾਦਲ ਤੇ ਸ੍ਰੀ ਸਿੰਗਲਾ ਪੰਜਾਬੀ ਭਾਈਚਾਰੇ ਤੇ ਸਿੱਖ ਸੰਗਤ ਨਾਲ ਕਰਵਾਏ ਸੰਵਾਦ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ।

        ਵਿੱਤ ਮੰਤਰੀ ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਹੱਕ-ਸੱਚ ਤੇ ਨਿਮਾਣਿਆਂ ਲਈ ਖੜ੍ਹਨ ਅਤੇ ਜ਼ਬਰ ਜੁਲਮ ਖ਼ਿਲਾਫ਼ ਲੜਨ ਲਈ ਹਮੇਸ਼ਾ ਸੇਧਿਤ ਕਰਦਾ ਰਹੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪ੍ਰਕਾਸ਼ ਦਿਹਾੜੇ ਦੇ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ’ਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਾਡੇ ਲਈ ਸਭ ਤੋਂ ਵੱਡਾ ਤੋਹਫਾ ਲੈ ਕੇ ਆ ਰਿਹਾ ਹੈ ਕਿਉਂਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਜਿਸ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤ ਵੱਲੋਂ ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਨਵੰਬਰ ਤੋਂ 12 ਨਵੰਬਰ ਤੱਕ ਜਿੱਥੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾ ਰਹੇ ਉੱਥੇ ਗੁਰੂ ਸਾਹਿਬ ਨਾਲ ਸਬੰਧਤ ਦੋ ਹੋਰ ਇਤਿਹਾਸਕ ਕਸਬਿਆਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵੀ ਸਮਾਗਮ ਕਰਵਾਏ ਜਾ ਰਹੇ ਹਨ।

        ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਅਤੇ ਪਹੁੰਚਣ ਵਾਲੀ ਸੰਗਤ ਵਾਸਤੇ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਲਈ ਸਮਾਗਮਾਂ ਵਾਲੇ ਸਥਾਨ ਦਾ ਦੌਰਾ ਕਰਨ ਤੋਂ ਇਲਾਵਾ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕਰ ਕੇ ਜ਼ਮੀਨੀ ਹਕੀਕਤਾਂ ਦੇਖੀਆਂ ਅਤੇ ਆਉਂਦੇ ਦਿਨਾਂ ਵਿੱਚ ਬਟਾਲਾ ਤੇ ਸੁਲਤਾਨਪੁਰ ਲੋਧੀ ਵਿਖੇ ਇਕ ਹੋਰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਰੇਲਵੇ ਨੇ ਅਕਤੂਬਰ ਮਹੀਨੇ ਤੋਂ ਨਵੀਂ ਦਿੱਲੀ-ਲੁਧਿਆਣਾ ਸ਼ਤਾਬਦੀ ਨੂੰ ਸੁਲਤਾਨਪੁਰ ਲੋਧੀ ਤੱਕ ਚਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਤੋਂ ਬਾਹਰੋਂ ਆਉਣ ਵਾਲੀ ਸੰਗਤ ਲਈ ਹੋਰ ਵੀ ਵਿਸ਼ੇਸ਼ ਰੇਲਾਂ ਚਲਾਉਣ ਦੀ ਮੰਗ ਕੀਤੀ ਹੈ।

        ਸ੍ਰੀ ਬਾਦਲ ਨੇ ਕਿਹਾ ਕਿ ਇਹ ਬੇਹੱਦ ਸੁਭਾਗਾ ਮੌਕਾ ਹੈ ਜਦੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾਣਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਕੋਈ ਕਸਰ ਨਹੀਂ ਛੱਡੇਗੀ।

        ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ 3300 ਕਰੋੜ ਰੁਪਏ ਦੇ ਕਰੀਬ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹ ਰਹੀ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 71 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਖਰਚ ਕਰ ਰਹੀ ਹੈ। ਪੰਜਾਬ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਜਾ ਰਹੀ ਹੈ। ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਨੂੰ ਮਹਿਕਦੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।

        ਸ੍ਰੀ ਸਿੰਗਲਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿਖੇ 510 ਕਰੋੜ ਰੁਪਏ ਦੀ ਲਾਗਤ ਨਾਲ ਇੰਟਰ ਫੇਥ ਸਟੱਡੀਜ਼ ਇੰਸਟੀਚਿੳੂਟ ਸਥਾਪਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਪਿੰਡ ‘ਪਿੰਡ ਬਾਬੇ ਨਾਨਕ ਦਾ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਭਾਈਚਾਰਾ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਮੇਜ਼ਬਾਨੀ ਦਾ ਮੌਕਾ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਮਹਾਰਾਸ਼ਟਰ ਵਿਚਾਲੇ ਬਹੁਤ ਗੂੜ੍ਹੀ ਸਾਂਝ ਹੈ। ਭਗਤ ਨਾਮਦੇਵ ਜੀ ਜੋ ਮਹਾਰਾਸ਼ਟਰ ਨਾਲ ਸਬੰਧਤ ਸਨ, ਉਨ੍ਹਾਂ ਨੇ ਕਾਫ਼ੀ ਸਮਾਂ ਪੰਜਾਬ ਦੇ ਪਿੰਡ ਘੁਮਾਣ ਵਿਖੇ ਬਿਤਾਇਆ। ਦਸਵੇਂ ਪਾਤਸ਼ਾਹ ਸ੍ਰੀ ਗੁੁਰੂ ਗੋਬਿੰਦ ਸਿੰਘ ਜੀ ਨੇ ਜ਼ਿੰਦਗੀ ਦਾ ਆਖ਼ਰੀ ਸਮਾਂ ਨਾਂਦੇੜ ਸਾਹਿਬ ਵਿਖੇ ਬਿਤਾਇਆ। ਸਾਲ 2008 ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਨਾਂਦੇੜ ਸਾਹਿਬ ਵਿਖੇ 300 ਸਾਲਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ ਸੀ ਤਾਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੂਰੇ ਸ਼ਹਿਰ ਦੀ ਕਾਇਆ ਕਲਪ ਕਰਵਾ ਦਿੱਤੀ ਸੀ।

        ਇਥੋਂ ਦੇ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰ ਰਹੇ ਚਰਨ ਸਿੰਘ ਸਪਰਾ ਨੇ ਪੰਜਾਬ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਰਲ-ਮਿਲ ਕੇ ਮਨਾਉਣੇ ਹੀ ਸੋਭਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਗੁਰੂ ਹਨ, ਜਿਨ੍ਹਾਂ ਨੂੰ ਅਸੀਂ ਜਗਤ ਗੁਰੂ ਵਜੋਂ ਸਤਿਕਾਰਦੇ ਹਾਂ।

        ਇਨਵੈਸਟ ਪੰਜਾਬ ਅਤੇ ਕਾਮਰਸ ਤੇ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮਾਗਮ ਦਾ ਮਨੋਰਥ ਮਹਾਰਾਸ਼ਟਰ ਦੇ ਪੰਜਾਬੀ ਭਾਈਚਾਰੇ ਨੂੰ ਸੱਦਾ ਦੇਣਾ ਅਤੇ ਇਥੋਂ ਦੀ ਸੰਗਤ ਦੇ ਸੁਝਾਅ ਲੈਣੇ ਸਨ ਤਾਂ ਜੋ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।

        ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਰਜਤ ਅਗਰਵਾਲ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਪੰਜਾਬ ਵਿੱਚ ਆਈ ਉਦਯੋਗਿਕ ਕ੍ਰਾਂਤੀ ਅਤੇ ਸੂਬਾਈ ਸਰਕਾਰ ਵੱਲੋਂ ਰਾਜ ਵਿੱਚ ਕਾਇਮ ਕੀਤੇ ਨਿਵੇਸ਼ ਪੱਖੀ ਮਾਹੌਲ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

        ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੀ ਰੂਪ ਰੇਖਾ, ਸੰਗਤ ਦੇ ਆਉਣ ਅਤੇ ਠਹਿਰਨ ਲਈ ਟੈਂਟ ਸਿਟੀ ਦੇ ਪ੍ਰਬੰਧ, ਪਾਣੀ, ਲੰਗਰ ਆਦਿ ਦੀਆਂ ਸਹੂਲਤਾਂ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ।

        ਦੁਬਈ ਵਿੱਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਕਰਨ ਵਾਲੇ ਸ੍ਰੀ ਸੁਰਿੰਦਰ ਸਿੰਘ ਕੰਧਾਰੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਤੋਂ ਸੇਧ ਲੈਣ ਦਾ ਮੌਕਾ ਦੇਣਗੇ।

        ਇਸ ਮੌਕੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਪੁਨੀਤ ਗੋਇਲ, ਰਾਜੇਸ਼ ਧੀਮਾਨ, ਅਵਨੀਤ ਕੌਰ ਤੋਂ ਇਲਾਵਾ ਰਘੂਬੀਰ ਸਿੰਘ ਗਿੱਲ, ਮਿਹਰ ਸਿੰਘ ਰੰਧਾਵਾ, ਅਦਾਕਾਰ ਬਿੰਦੂ ਦਾਰਾ ਸਿੰਘ, ਦਲਜੀਤ ਸਿੰਘ ਸੇਠੀ, ਕੁਲਵੰਤ ਸਿੰਘ ਸਣੇ ਵੱਡੀ ਗਿਣਤੀ ’ਚ ਪੰਜਾਬੀ ਭਾਈਚਾਰਾ ਹਾਜ਼ਰ ਸੀ।