ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ
ਚੰਡੀਗੜ੍ਹ,19ਫਰਵਰੀ(ਵਿਸ਼ਵ ਵਾਰਤਾ) ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀ ਦਲਜੀਤ ਸਿੰਘ ਕਲਸੀ ਅਤੇ ਹੋਰਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਦਰਜ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਸਮੇਂ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਉਸ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਵਿੱਚ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਸਮੇਤ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।
ਦੱਸ ਦਈਏ ਕਿ ਇਸ ਵਾਰ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਕਈ ਕਾਰਨਾਂ ਕਰਕੇ ਅਹਿਮ ਹੈ ਕਿਉਂਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਬੈਰਕ ਵਿੱਚੋਂ ਜਾਸੂਸੀ ਕੈਮਰੇ ਅਤੇ ਸੀਸੀਟੀਵੀ ਕੈਮਰੇ ਬਰਾਮਦ ਹੋਏ ਸਨ। ਇਸ ਦੇ ਨਾਲ ਹੀ ਪਰਿਵਾਰ ਨੇ ਦੋਸ਼ ਲਾਇਆ ਕਿ ਇਹ ਸਭ ਕੁਝ ਜੇਲ੍ਹ ਪ੍ਰਸ਼ਾਸਨ ਵੱਲੋਂ ਉੱਥੇ ਲਾਇਆ ਗਿਆ ਹੈ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਬੀਤੇ ਦਿਨ ਟਾਇਲਟ ਗਿਆ ਸੀ। ਉਦੋਂ ਜੇਲ੍ਹ ਪ੍ਰਸ਼ਾਸਨ ਦੇ ਕੁਝ ਲੋਕ ਇਲੈਕਟ੍ਰੀਸ਼ੀਅਨ ਦੇ ਨਾਲ ਐਨਐਸਏ ਸੈੱਲ ਵਿੱਚ ਆਏ। ਜਦੋਂ ਉਨ੍ਹਾਂ ਸੈੱਲ ਦੀ ਜਾਂਚ ਕੀਤੀ ਤਾਂ ਉਥੇ ਕੁਝ ਜਾਸੂਸੀ ਕੈਮਰੇ ਮਿਲੇ।