ਅੱਜ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 10 ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਸਮੇਂ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਦੁਪਹਿਰ ਕਰੀਬ 1 ਵਜੇ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦਫਤਰ ਵੱਲੋਂ ਤਿਹਾੜ ਜੇਲ਼੍ਹ ਪ੍ਰਸ਼ਾਸ਼ਨ ਨੂੰ ਪੱਤਰ ਲਿਖ ਤੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜ਼ਾਜ਼ਤ ਮੰਗੀ ਗਈ ਸੀ। ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। 1 ਅਪ੍ਰੈਲ ਨੂੰ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।