ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ
ਲੁਧਿਆਣਾ ,26 ਮਾਰਚ (ਰਾਜਕੁਮਾਰ ਸ਼ਰਮਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਆਟੋ ਰਿਕਸ਼ਾ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਪਨ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਰਣਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਅੰਮਿ੍ਤਸਰ, ਹਨੀ ਪੁੱਤਰ ਸੁਭਾਸ਼ ਚੰਦਰ ਵਾਸੀ ਬਸੰਤ ਨਗਰ ਤੇ ਰਾਜਿੰਦਰ ਪੁੱਤਰ ਰਾਮ ਪ੍ਰਕਾਸ਼ ਵਾਸੀ ਉੱਤਰ ਪ੍ਰਦੇਸ਼ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਬੀਤੇ ਦਿਨ ਵਿਪਨ ਕੁਮਾਰ ਇਨ੍ਹਾਂ ਕਥਿਤ ਦੋਸ਼ੀਆਂ ਦੇ ਆਟੋ ‘ਤੇ ਬੈਠ ਕੇ ਸ਼ੇਰਪੁਰ ਚੌਕ ਆਇਆ ਸੀ | ਜਦੋਂ ਉਹ ਵਿਪਨ ਆਟੋ ਤੋਂ ਉਤਰਨ ਲੱਗਾ ਤਾਂ ਕਥਿਤ ਦੋਸ਼ੀਆਂ ਨੇ ਉਸ ਦਾ ਪਰਸ ਖੋਹ ਲਿਆ | ਪਰਸ ਵਿਚ ਚਾਲੀ ਹਜ਼ਾਰ ਰੁਪਏ ਦੇ ਕਰੀਬ ਨਕਦੀ ਸੀ | ਵਿਪਨ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ | ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਹਜ਼ਾਰ ਰੁਪਏ ਦੀ ਨਕਦੀ ਤੇ ਆਟੋ ਬਰਾਮਦ ਕੀਤਾ ਗਿਆ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |