ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਕੀਤੀ ਜਾਣੀ ਯਕੀਨੀ ਬਣਾਈ ਜਾਵੇ: ਆਸ਼ੂ
ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਖਪਤਕਾਰ ਆਪਣੀ ਸ਼ਿਕਾਇਤ ਹੈਲਪ ਲਾਈਨ ਨੰਬਰ 0172-2684000 ਕਰਵਾ ਸਕਦੇ ਨੇ ਦਰਜ
ਚੰਡੀਗੜ੍ਹ, 1 ਅਪ੍ਰੈਲ( ਵਿਸ਼ਵ ਵਾਰਤਾ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਧ ਕੀਮਤ ਵਸੂਲ ਕੇ ਜ਼ਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਤੇ ਛਾਪਾ ਮਾਰਨ ਦੀ ਕਾਰਵਾਈ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ 19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ।
ਸ੍ਰੀ ਆਸ਼ੂ ਨੇ ਵਿਭਾਗ ਦੇ ਜ਼ਿਲ੍ਹਿਆਂ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਗਏ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਨਾਪਤੋਲ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਛਾਪਾ ਮਾਰੀ ਵਿਚ ਨਾਲ ਸ਼ਾਮਲ ਕਰਨ ।
ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਦੋਰਾਨ ਪਠਾਨਕੋਟ ਜ਼ਿਲੇ ਵਿੱਚ 15 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 35000 ਹਜ਼ਾਰ ਦੇ ਜੁਰਮਾਨੇ ਕੀਤੇ ਗਏ ਹਨ । ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲੇ ਵਿੱਚ ਮੈਡੀਕਲ ਸਟੋਰ ਅਤੇ ਕਰਿਆਨੇ ਦੀਆ 10 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 85000 ਹਜ਼ਾਰ ਦੇ ਜੁਰਮਾਨੇ ਕੀਤੇ ਗਏ ਹਨ ਜਦਕਿ ਕਪੂਰਥਲਾ ਵਿੱਚ ਇਕ ਕਰਿਆਨੇ ਵਾਲੇ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਕਾਰ ਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੇ ਭਾਅ ਐਮ.ਆਰ. ਪੀ. ਅਨੁਸਾਰ ਜਾਂ ਉਸ ਤੋਂ ਘੱਟ ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।