ਚੰਡੀਗੜ, 21 ਮਾਰਚ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿੱਚ ਆਈ.ਐਸ.ਆਈ.ਐਸ. ਵੱਲੋਂ ਮਾਰੇ ਗਏ ਭਾਰਤੀਆਂ ਦੀਆਂ ਮ੍ਰਿਤਕਾਂ ਦੇਹਾਂ ਵਤਨ ਲਿਆਉਣ ਬਾਰੇ ਵਿਦੇਸ਼ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਵੀ.ਕੇ. ਸਿੰਘ ਨਾਲ ਗੱਲਬਾਤ ਕੀਤੀ।
ਮੁੱਖ ਮੰਤਰੀ, ਜਿਨਾਂ ਨੇ ਮੰਗਲਵਾਰ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ ਅਤੇ ਪੱਤਰ ਵੀ ਲਿਖਿਆ ਸੀ, ਨੇ ਅੱਜ ਵਿਧਾਨ ਸਭਾ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਵੀ.ਕੇ. ਸਿੰਘ ਨੇ ਉਨਾਂ ਨੂੰ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਇਕ ਹਫ਼ਤਾ ਲੱਗੇਗਾ।
ਮੀਡੀਆ ਦੇ ਸਵਾਲਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁ-ਗਿਣਤੀ ਮ੍ਰਿਤਕ ਪੰਜਾਬ ਦੇ ਮਾਝਾ ਅਤੇ ਦੋਆਬਾ ਖਿੱਤਿਆਂ ਨਾਲ ਸਬੰਧਤ ਹਨ, ਜਿਸ ਕਰਕੇ ਦੇਹਾਂ ਅੰਮ੍ਰਿਤਸਰ ਆਉਣ ਦੀ ਸੰਭਾਵਨਾ ਹੈ।
ਉਨਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਅੰਤਿਮ ਰਸਮਾਂ ਵਾਸਤੇ ਮ੍ਰਿਤਕ ਦੇਹਾਂ ਪਰਿਵਾਰਾਂ ਨੂੰ ਸੌਂਪਣ ਲਈ ਸੂਬਾਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਰੁਜ਼ਗਾਰ ਲੱਭਣ ਦਾ ਯਤਨ ਕਰੇਗੀ ਅਤੇ ਇਨਾਂ ਪੀੜਤ ਪਰਿਵਾਰਾਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ 20 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਲਣੀ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਮੰਗਲਵਾਰ ਨੂੰ ਇਸ ਮਾਮਲੇ ‘ਚ ਸੁਸ਼ਮਾ ਸਵਰਾਜ ਨੂੰ ਲਿਖਿਆ ਸੀ ਅਤੇ ਉਨਾਂ ਨੂੰ ਕੇਂਦਰ ਸਰਕਾਰ ਦੇ ਹਾਂ-ਪੱਖੀ ਹੁੰਗਾਰੇ ਦੀ ਉਮੀਦ ਹੈ।
ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਇਨਾਂ ਮ੍ਰਿਤਕਾਂ ਵਿੱਚੋਂ 24 ਪੰਜਾਬ ਦੇ ਹਨ ਅਤੇ ਸੂਬਾਈ ਸਰਕਾਰ ਵੱਲੋਂ ਇਨਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੀ ਇਨਾਂ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਂਦੀ ਹੈ ਤਾਂ ਉਹ ਸ਼ੁਕਰਗੁਜ਼ਾਰ ਹੋਣਗੇ।
Punjab Police ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ
Punjab Police ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ — ਮੁੱਖ ਮੰਤਰੀ ਭਗਵੰਤ ਸਿੰਘ ਮਾਨ...