ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਨਹੀਂ ਹੋਈ ਸੁਣਵਾਈ
ਪੜ੍ਹੋ ਕੀ ਹੈ ਕਾਰਨ ਅਤੇ ਹੁਣ ਕਦੋਂ ਹੋਵੇਗੀ ਸੁਣਵਾਈ
ਚੰਡੀਗੜ੍ਹ 19 ਜਨਵਰੀ(ਵਿਸ਼ਵ ਵਾਰਤਾ)- ਸਤਲੁੱਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਣ ਵਾਲੀ ਸੁਣਵਾਈ ਟਲ਼ ਗਈ ਹੈ ਅਤੇ ਹੁਣ ਇਹ ਸੁਣਵਾਈ 15 ਮਾਰਚ ਨੂੰ ਹੋਵੇਗੀ। ਮਿਲੀ ਜਾਣਰਾਕੀ ਮੁਤਾਬਕ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਅਟਾਰਨੀ-ਜਨਰਲ ਆਰ. ਵੈਂਕਟਰਮਣੀ ਉਪਲਬਧ ਨਹੀਂ ਸਨ ਜਿਸ ਕਰਕੇ ਇਹ ਸੁਣਵਾਈ ਟਾਲ਼ ਦਿੱਤੀ ਗਈ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ SYL ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਆਪਣੀ ਰਿਪੋਰਟ ਰੱਖੀ ਜਾਣੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ 4 ਜਨਵਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ ਗਈ ਸੀ। ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ ਸੀ। ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਦਿੱਲੀ ਵਿਖੇ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਮੀਟਿੰਗ ‘ਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਗਿਆ।