ਇਕਾਂਤਵਾਸ ਦੇ ਪੋਸਟਰ ਫਾੜਨ ਤੇ ਠੇਕਾ ਖੋਲ੍ਹਣ ਦੇ ਕੇਸ ਆਏ ਸਾਹਮਣੇ; ਠੇਕੇ ਦੇ ਕਰਿੰਦਿਆਂ ਨੂੰ ਕਾਬੂ ਕਰਕੇ ਠੇਕੇਦਾਰ ਖ਼ਿਲਾਫ਼ ਕੇਸ ਦਰਜ
ਫ਼ਤਹਿਗੜ੍ਹ ਸਾਹਿਬ, 02 ਮਈ ( ਵਿਸ਼ਵ ਵਾਰਤਾ)-ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਅਤੇ ਤਹਿਸੀਲਦਾਰ ਸ. ਗੁਰਜਿੰਦਰ ਸਿੰਘ ਵੱਲੋਂ ਪਿੰਡ ਭਮਾਰਸੀ ਬੁਲੰਦ ਵਿਖੇ ਕੀਤੀ ਅਚਨਚੇਤ ਚੈਕਿੰਗ ਦੌਰਾਨ ਸ਼ਰਾਬ ਦਾ ਠੇਕਾ ਖੁੱਲਣ ਅਤੇ ਇਕਾਂਤਵਾਸ ਕੀਤੇ ਵਿਅਕਤੀਆਂ ਵੱਲੋਂ ਆਪਣੇ ਘਰਾਂ ਦੇ ਬਾਹਰੋਂ ਇਕਾਂਤਵਾਸ ਦੇ ਲਗਾਏ ਗਏ ਪੋਸਟਰ ਫਾੜਨ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ । ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਭਮਾਰਸੀ ਬੁਲੰਦ ਦੇ ਸਰਪੰਚ ਨਿਰਮਲ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਪਿੰਡ ਦੇ ਜਿਹੜੇ ਕੋਰੋਨਾ ਦੇ ਸ਼ੱਕੀ ਵਿਅਕਤੀਆਂ ਨੂੰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਸੀ ਉਨ੍ਹਾਂ ਨੇ ਆਪਣੇ ਘਰਾਂ ਦੇ ਬਾਹਰੋਂ ਇਕਾਂਤਵਾਸ ਦੇ ਲੱਗੇ ਪੋਸਟਰ ਉਤਾਰ ਦਿੱਤੇ ਹਨ ਅਤੇ ਪਿੰਡ ਵਿੱਚ ਫਿਰ ਰਹੇ ਹਨ ਜਿਸ ਨਾਲ ਪਿੰਡ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਵੱਧ ਗਿਆਾ ਹੈ। ਇਸ ਤੋਂ ਇਲਾਵਾ ਸਰਪੰਚ ਨੇ ਇਹ ਵੀ ਦੱਸਿਆ ਸੀ ਕਿ ਪਿੰਡ ਸਥਿਤ ਸ਼ਰਾਬ ਦਾ ਠੇਕਾ ਵੀ ਖੁੱਲ੍ਹਾ ਹੈ।
ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਕਾਂਤਵਾਸ ਦੇ ਪੋਸਟਰ ਫਾੜ ਕੇ ਪਿੰਡ ਵਿੱਚ ਘੁੰਮਣ ਵਾਲੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਵਿਰੁੱਧ ਐਪੀਡੈਮਿਕ ਡੀਜ਼ਿਜ਼ ਐਕਟ ਅਤੇ ਧਾਰਾ 188 ਅਧੀਨ ਕੇਸ ਦਰਜ ਕੀਤੇ ਜਾ ਰਹੇ ਹਨ ਜਦੋਂ ਕਿ ਸ਼ਰਾਬ ਦੇ ਠੇਕੇ ਦੇ ਕਰਿੰਦਿਆਂ ਨੂੰ ਮੌਕੇ ’ਤੇ ਹੀ ਪੁਲਿਸ ਦੇ ਹਵਾਲੇ ਕਰਕੇ ਉਨ੍ਹਾਂ ਵਿਰੁੱਧ ਵੀ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਜਦੋਂ ਕਿ ਠੇਕੇਦਾਰ ਵਿਰੁੱਧ ਆਬਕਾਰੀ ਐਕਟ ਤੇ ਕਰਫਿਊ ਦੀ ਉਲੰਘਣਾ ਸਬੰਧੀ ਕੇਸ ਦਰਜ ਕਰਨ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਐਸ.ਡੀ.ਐਮ. ਨੇ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ ਉਹ ਇਸ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਅਤੇ ਇਸ ਦੀ ਉਲੰਘਣਾ ਕਰਨ ’ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।