ਚੰਡੀਗੜ, 17 ਦਸੰਬਰ: (ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਸਰਕਾਰ ਦੇ ਨੌਂ ਮਹੀਨਿਆਂ ਦੇ ਸ਼ਾਸਨਕਾਲ ਬਾਰੇ ਸਿਆਸੀ ਤੌਰ ’ਤੇ ਪ੍ਰੇਰਿਤ ਬਿਆਨ ਦੇਣ ਲਈ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਦੀ ਕਰੜੀ ਆਲੋਚਨਾ ਕਰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਨੇ ਸਿਰਫ 9 ਵਾਅਦੇ ਨਹੀਂ ਬਲਕਿ 100 ਤੋਂ ਵੱਧ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸਾਂਪਲਾ ਦੇ ਉਸ ਬਿਆਨ ਦੀ ਖਿੱਲੀ ਉਡਾਈ ਹੈ ਜਿਸ ਵਿੱਚ ਭਾਜਪਾ ਆਗੂ ਨੇ ਉਨਾਂ ਨੂੰ ਆਪਣੇ ਨੌਂ ਮਹੀਨਿਆਂ ਦੇ ਸ਼ਾਸਨਕਾਲ ਦੇ ਘੱਟੋ-ਘੱਟ 9 ਚੋਣ ਵਾਅਦੇ ਗਿਣਾਉਣ ਦੀ ਚੁਣੌਤੀ ਦਿੱਤੀ ਸੀ। ਮੁੱਖ ਮੰਤਰੀ ਨੇ ਆਖਿਆ ਕਿ ਮਿਉਂਸਿਪਲ ਚੋਣਾਂ ਤੋਂ ਇਕ ਦਿਨ ਪਹਿਲਾਂ ਜਾਰੀ ਕੀਤੇ ਇਸ ਬਿਆਨ ਦਾ ਸਾਫ ਮਕਸਦ ਵੋਟਰਾਂ ਨੂੰ ਗੁੰਮਰਾਹ ਤੇ ਪ੍ਰਭਾਵਿਤ ਕਰਨਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਪਿਛਲੇ 10 ਸਾਲਾਂ ਵਿੱਚ ਉਸ ਵੇਲੇ ਕੀ ਕਰ ਰਹੀ ਸੀ ਜਦੋਂ ਉਸਦਾ ਆਪਣਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਸੂਬੇ ਨੂੰ ਲੁੱਟਣ ਵਿੱਚ ਲੱਗਾ ਹੋਇਆ ਸੀ ਅਤੇ ਸੂਬੇ ਨੂੰ ਪੂਰੀ ਤਰਾਂ ਬਦਅਮਨੀ, ਬੇਰੁਜ਼ਗਾਰੀ, ਸਨਅਤੀ ਤੇ ਖੇਤੀਬਾੜੀ ਦੀ ਮਾੜੀ ਦੁਰਦਸ਼ਾ ਅਤੇ ਆਰਥਿਕ ਕੰਗਾਲੀ ਵੱਲ ਧੱਕ ਦਿੱਤਾ ਸੀ। ਮੁੱਖ ਮੰਤਰੀ ਨੇ ਆਖਿਆ ਕਿ ਸਾਂਪਲਾ ਨੇ ਨਗਰ ਕੌਂਸਲ ਚੋਣਾਂ ਤੋਂ ਇਕ ਦਿਨ ਪਹਿਲਾਂ ਇਹ ਘਟੀਆ ਦੋਸ਼ ਲਾਉਣ ਦਾ ਦਿਨ ਕਿਉਂ ਚੁਣਿਆ। ਉਨਾਂ ਆਖਿਆ ਕਿ ਭਾਜਪਾ ਪੰਜਾਬ ਵਿੱਚ ਆਪਣੇ ਪੈਰ ਜਮਾਉਣ ਲਈ ਕੋਈ ਨਾ ਕੋਈ ਢੰਗ-ਤਰੀਕਾ ਲੱਭਣ ਲਈ ਤਿਲਮਿਲਾ ਰਹੀ ਹੈ ਕਿਉਂ ਜੋ ਸੂਬੇ ਵਿੱਚ ਇਸ ਪਾਰਟੀ ਦਾ ਕੋਈ ਆਧਾਰ ਨਹੀਂ ਹੈ ਅਤੇ ਇਸ ਦਾ ਸਹਿਯੋਗੀ ਅਕਾਲੀ ਦਲ ਵੀ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਸੁਆਦ ਵੇਖ ਚੁੱਕਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜੇਕਰ ਸਾਂਪਲਾ ਇਹ ਆਸ ਰੱਖਦੇ ਹਨ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ 10 ਵਰਿਆਂ ਵਿੱਚ ਸੂਬੇ ਦੀ ਕੀਤੀ ਤਬਾਹੀ ਨੂੰ ਕਾਂਗਰਸ ਸਰਕਾਰ 10 ਮਹੀਨਿਆਂ ਵਿੱਚ ਠੀਕ ਕਰ ਸਕਦੀ ਹੈ ਤੇ ਉਹ ਵੀ ਉਸ ਵੇਲੇ ਜਦੋਂ ਸੂਬਾ ਕਰਜ਼ੇ ਦੇ ਵੱਡੇ ਬੋਝ ਥੱਲੇ ਹੋਵੇ ਤਾਂ ਇਸ ਨਾਲ ਨਾ ਸਿਰਫ ਸਾਂਪਲਾ ਦੀ ਸਿਆਸੀ ਨਾਸਮਝੀ ਝਲਕਦੀ ਹੈ ਸਗੋਂ ਉਨਾਂ ਦੇ ਸ਼ਾਸਨ ਤੋਂ ਪੂਰੀ ਤਰਾਂ ਟੁੱਟੇ ਹੋਣ ਦਾ ਵੀ ਪ੍ਰਗਟਾਵਾ ਹੁੰਦਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਇਹ ਗੱਲ ਸਿੱਧ ਹੋ ਜਾਂਦੀ ਹੈ ਕਿ ਸਾਂਪਲਾ ਨੂੰ ਇਸ ਗੱਲ ਦਾ ਵੀ ਪਤਾ ਨਹੀਂ ਕਿ ਕੈਬਨਿਟ ਵੱਲੋਂ ਫੈਸਲੇ ’ਤੇ ਲਾਈ ਗਈ ਮੋਹਰ ਜਾਂ ਸਕੀਮ ਨੂੰ ਨੋਟੀਫਾਈ ਕਰਨ ਦਾ ਕੀ ਮਤਲਬ ਹੁੰਦਾ ਹੈ। ਉਨਾਂ ਆਖਿਆ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਸਕੀਮ ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ ਤੇ ਅਗਲੇ ਦੋ ਮਹੀਨਿਆਂ ਵਿੱਚ ਇਸਦਾ ਅਮਲ ਸ਼ੁਰੂ ਹੋ ਜਾਣਾ ਹੈ। ਇਸੇ ਤਰਾਂ ਉਦਯੋਗ ਲਈ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਨੂੰ ਮੰਤਰੀ ਮੰਡਲ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਉਨਾਂ ਕਿਹਾ ਕਿ ਜਦੋਂ ਸਰਕਾਰ ਇਹ ਫੈਸਲੇ ਲਾਗੂ ਕਰਨ ਵਿੱਚ ਰੁੱਝੀ ਹੋਈ ਸੀ ਤਾਂ ਅਜਿਹਾ ਜਾਪਦਾ ਹੈ ਕਿ ਸਾਂਪਲਾ ਉਸ ਵੇਲੇ ਸੌਂ ਰਹੇ ਸਨ।
ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਕੀਤੇ ਹੋਰ ਮੁੱਖ ਵਾਅਦਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਇਨਾਂ ਵਿੱਚੋਂ ਬਹੁਤ ਸਾਰਿਆਂ ਨੂੰ ਲਾਗੂ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਨੂੰ ਵੀ ਲਾਗੂ ਕਰਨ ਦੀ ਪ੍ਰਕਿਰਿਆ ਅਮਲ ਅਧੀਨ ਹੈ।
ਨਸ਼ਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਹੰਢਾਉਣ ਵਾਲਾ ਹਰ ਵਿਅਕਤੀ ਸਾਡੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸਫਲਤਾ ਦੀ ਹਾਮੀ ਭਰੇਗਾ ਕਿਉਂ ਜੋ ਇਸ ਮੁਹਿੰਮ ਕਾਰਨ ਨਸ਼ਾ ਪੂਰੀ ਤਰਾਂ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਿਆ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਚੋਣ ਵਾਅਦੇ ਮੁਤਾਬਕ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ ਅਤੇ ਘਰ-ਘਰ ਰੁਜ਼ਗਾਰ ਸਕੀਮ ਅਧੀਨ 3000 ਸਰਕਾਰੀ ਨੌਕਰੀਆਂ ਸਮੇਤ 27000 ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਇਸ ਸਕੀਮ ਨੂੰ ਅੱਗੇ ਲਿਜਾਣ ਲਈ ਸਾਰੇ ਜ਼ਿਲਿਆਂ ਵਿੱਚ ‘ਡਿਸਟਿ੍ਰਕ ਬਿਊਰੋ ਆਫ ਇੰਪਲਾਇਮੈਂਟ ਐਂਡ ਐਂਟਰਪ੍ਰਾਈਜ਼’ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ। ਇਸ ਤੋਂ ਵੀ ਅੱਗੇ ਜਾਂਦਿਆਂ 2.8 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੰਤਵ ਨਾਲ 34 ਸਮਝੌਤੇ ਸਹੀਬੰਦ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਵਿੱਚ 50000 ਲੋਕਾਂ ਦੀ ਭਰਤੀ ਦਾ ਫੌਰੀ ਅਮਲ ਸ਼ੁਰੂ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਆਖਿਆ ਕਿ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਯੋਜਨਾ ਵੀ ਅਮਲ ਅਧੀਨ ਹੈ ਤੇ ਇਸ ਮੁੱਦੇ ’ਤੇ ਸਰਕਾਰ ਵੱਖ-ਵੱਖ ਕੰਪਨੀਆਂ ਨਾਲ ਗੱਲਬਾਤ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਲੋਕਾਂ ਖਾਸਕਰ ਕੇ ਦੱਬੇ ਕੁਚਲੇ ਵਰਗਾਂ ਦੀ ਭਲਾਈ ਲਈ ਸ਼ੁਰੂ ਕੀਤੇ ਪ੍ਰੋਗਰਾਮਾਂ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨ 500 ਰੁਪਏ ਤੋਂ ਵਧਾ ਕੇ 750 ਰੁਪਏ ਅਤੇ ਅਸ਼ੀਰਵਾਦ ਸਕੀਮ ਹੇਠ ਵਿੱਤੀ ਸਹਾਇਤਾ 15000 ਰੁਪਏ ਤੋਂ ਵਧਾ ਕੇ 21000 ਰੁਪਏ ਕੀਤੀ ਗਈ। ਮੁੱਖ ਮੰਤਰੀ ਨੇ ਆਖਿਆ ਕਿ ਮਹਿਲਾਵਾਂ ਨੂੰ ਦਿੱਤੇ ਵੱਧ ਅਧਿਕਾਰਾਂ ਬਾਰੇ ਸਾਂਪਲਾ ਭੁੱਲ ਗਏ ਹਨ। ਉਨਾਂ ਦੀ ਸਰਕਾਰ ਨੇ ਪੰਚਾਇਤਾਂ ਤੇ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵੇਂਕਰਨ ਦਾ ਹੱਕ ਦੇਣ ਦੇ ਨਾਲ-ਨਾਲ ਲੜਕੀਆਂ ਲਈ ਮੁਫਤ ਪੜਾਈ ਦੀ ਸਹੂਲਤ ਵੀ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਾਂ ਤਾਂ ਸਾਂਪਲਾ ਨੂੰ ਸਰਕਾਰ ਦੀਆਂ ਇਨਾਂ ਪਹਿਲਕਦਮੀਆਂ ਬਾਰੇ ਪਤਾ ਨਹੀਂ ਤੇ ਜਾਂ ਫਿਰ ਉਹ ਆਪਣੀ ਪਾਰਟੀ ਦੇ ਸਿਆਸੀ ਏਜੰਡੇ ਤੋਂ ਪ੍ਰੇਰਿਤ ਹੋ ਕੇ ਇਨਾਂ ਪ੍ਰਾਪਤੀਆਂ ਨੂੰ ਜਾਣ-ਬੁਝ ਅਣਗੌਲਿਆ ਕਰ ਰਹੇ ਹਨ। ਮੁੱਖ ਮੰਤਰੀ ਨੇ ਆਖਿਆ ਜੇਕਰ ਅਕਾਲੀ-ਭਾਜਪਾ ਸਰਕਾਰ ਨੇ ਕਾਂਗਰਸ ਸਰਕਾਰ ਵੱਲੋਂ ਹੁਣ ਤੱਕ ਕੀਤੇ ਕੰਮਾਂ ਦਾ 10 ਫੀਸਦੀ ਕੰਮ ਵੀ ਕੀਤਾ ਹੁੰਦਾ ਤਾਂ ਅੱਜ ਸੂਬੇ ਦੀ ਸਥਿਤੀ ਹੋਰ ਹੁੰਦੀ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਆਪਣੇ ਪਿਛੋਕੜ ਤੋਂ ਸਬਕ ਸਿੱਖਣ ਦੀ ਬਜਾਏ ਭਾਰਤੀ ਜਨਤਾ ਪਾਰਟੀ ਸੂਬੇ ਦੇ ਲੋਕਾਂ ਦੀ ਭਲਾਈ ਦੀ ਕੀਮਤ ’ਤੇ ਸਿਆਸੀ ਖੇਡਾਂ ਖੇਡ ਰਹੀ ਹੈ।