ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਰੇਲਵੇ ਟਰੈਕ ਕੀਤਾ ਜਾਮ, ਰੇਲ ਆਵਾਜਾਈ ਪ੍ਰਭਾਵਿਤ
ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਸਰਹੱਦ ‘ਤੇ ਨੈਸ਼ਨਲ ਹਾਈਵੇਅ ਨੂੰ ਬੰਦ ਕਰਨ ਵਾਲੇ ਕਿਸਾਨ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ‘ਤੇ ਬੈਠ ਗਏ ਹਨ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪਰ, ਕਿਸਾਨ ਬੈਰੀਕੇਡ ਤੋੜ ਕੇ ਟਰੈਕ ‘ਤੇ ਬੈਠ ਗਏ।
ਦੱਸਣਯੋਗ ਹੈ ਕਿ ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਕਿਸਾਨਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਰੇਲਵੇ ਟਰੈਕ ‘ਤੇ ਉਤਰ ਆਏ। ਇਹ ਜਾਣਕਾਰੀ ਮਿਲ ਰਹੀ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ।