ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਪੰਜਵੇਂ ਦਿਨ ਵਿੱਚ ਦਾਖ਼ਲ
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਡੀਸੀ ਦਫ਼ਤਰਾਂ ਦੇ ਕੀਤਾ ਜਾਵੇਗਾ ਸਰਕਾਰ ਖਿਲਾਫ਼ ਪ੍ਰਦਰਸ਼ਨ
ਚੰਡੀਗੜ੍ਹ 23 ਨਵੰਬਰ(ਵਿਸ਼ਵ ਵਾਰਤਾ)- ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਤੋਂ ਨਾਰਾਜ਼ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਡਾਕਟਰਾਂ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਲਗਾਤਾਰ ਖਰਾਬ ਹੋ ਰਹੀ ਹੈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਭੜਕ ਗਈਆਂ ਹਨ। ਕਿਸਾਨ ਅੱਜ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ। ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਵੀ ਡੱਲੇਵਾਲ ਨੂੰ ਮੰਨਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ, ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਦ੍ਰਿੜ ਹਨ। ਉਹਨਾਂ ਦਾ ਕਹਿਣਾ ਹੈ ਜਦੋਂ ਤੱਕ ਸਰਕਾਰ ਉਹਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਉਦੋਂ ਤੱਕ ਉਹ ਵਰਤ ਤੋਂ ਨਹੀਂ ਉੱਠਣਗੇ।
https://twitter.com/jagjitdallewal1/status/1594957156323033088?s=20&t=lNVYW23skQ2TZFziVmWYuQ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਕਿਸਾਨ ਆਪਣੇ ਪੈਰ ਪਿੱਛੇ ਖਿੱਚ ਰਹੇ ਹਨ, ਇਸ ਲਈ ਉਹ ਸਰਕਾਰ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਵਾਅਦੇ ਕਰ ਰਹੀ ਹੈ ਅਤੇ ਜੇਕਰ ਕਿਸਾਨ ਵਿਰੋਧ ਕਰਦੇ ਹਨ ਤਾਂ ਮੁੱਖ ਮੰਤਰੀ ਸੱਚ ਦਾ ਸਾਥ ਦੇਣ ਦੀ ਬਜਾਏ ਬੇਤੁਕੀ ਬਿਆਨਬਾਜ਼ੀ ਕਰਦੇ ਹਨ।
ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ਕਾਰਨ ਬਜ਼ੁਰਗ ਆਗੂ ਦੀ ਸਿਹਤ ਵਿਗੜ ਗਈ ਹੈ ਪਰ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ। ਸਰਕਾਰ ਗੁਜਰਾਤ ਚੋਣਾਂ ਨੂੰ ਲੈ ਕੇ ਚਿੰਤਤ ਹੈ। ਪੰਜਾਬ ਨੂੰ ਛੱਡ ਕੇ ਸਾਰੀ ਸਰਕਾਰ ਉਥੇ ਹੀ ਫਸੀ ਹੋਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਉਨ੍ਹਾਂ ਨੂੰ ਮੁੜ ਸੜਕਾਂ ’ਤੇ ਉਤਰਨਾ ਪਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦੀ ਜੋ ਇੱਛਾ ਪ੍ਰਗਟਾਈ ਹੈ, ਉਹ ਵੀ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਆਪਣਾ ਘਰ ਛੱਡ ਕੇ ਵਿਰੋਧ ਕਰਨ ਦਾ ਸ਼ੌਕੀਨ ਨਹੀਂ ਹੈ। ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਰਹੀ ਹੈ।