ਗੁਰਦਾਸਪੁਰ, 15 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ‘ਘਰ-ਘਰ ਮੇ ਨੌਕਰੀ’ ਸਕੀਮ ਦੇ ਪਹਿਲੇ ਪਡ਼ਾਅ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ।
ਅੱਜ ਆਜ਼ਾਦੀ ਦਿਹਾਡ਼ੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਵਿਭਾਗਾਂ ਵਿੱਚ ਸਾਰੀਆਂ ਮਹੱਤਵਪੂਰਨ ਅਸਾਮੀਆਂ ਭਰਨ ਲਈ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਨਾਲ ਸੂਬੇ ’ਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਉਨਾਂ ਦੀ ਸਰਕਾਰ ਦੇ ਵਾਅਦੇ ਨੂੰ ਅਮਲ ਵਿੱਚ ਲਿਆਉਣ ਵਾਸਤੇ ਸੂਬਾ ਭਰ ਵਿੱਚ ਰੁਜ਼ਗਾਰ ਮੇਲੇ ਲਗਾਏ ਜਾਣਗੇ।
ਮੱੁਖ ਮੰਤਰੀ ਜਿਨਾਂ ਨੇ ਇਸ ਤੋਂ ਪਹਿਲਾਂ ਗਾਰਡ ਆਫ ਆਨਰ ਲਿਆ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਕੀਤੀ ਗਤਕੇ ਦੀ ਪੇਸ਼ਕਾਰੀ ਦਾ ਅਨੰਦ ਮਾਣਿਆ, ਨੇ ਇਸ ਪਵਿੱਤਰ ਮੌਕੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਕੇ ਸ਼ਾਂਤਮਈ, ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਲਿਆ।
ਮੁੱਖ ਮੰਤਰੀ ਨੇ ਸਾਰੀਆਂ ਲਿੰਕ ਸਡ਼ਕਾਂ ਲਈ 2500 ਕਰੋਡ਼ ਰੁਪਏ ਦੀ ਲਾਗਤ ਨਾਲ ਸਲਾਨਾ ਮੁਰੰਮਤ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਇਹ ਪ੍ਰੋਗਰਾਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ ’ਚ ਅਜਿਹੀਆਂ 22870 ਕਿਲੋਮੀਟਰ ਸਡ਼ਕਾਂ ਦੀ ਮੁਰੰਮਤ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ 31 ਦਸੰਬਰ, 2017 ਤੋਂ ਪਹਿਲਾਂ ਸੂਬੇ ਦੇ ਹਰੇਕ ਘਰ ’ਚ ਇੱਕ ਪਖਾਨਾ ਬਣਾਉਣ ਦਾ ਐਲਾਨ ਕੀਤਾ। ਉਨਾਂ ਆਖਿਆ ਕਿ ਸਕੂਲਾਂ ਦਾ ਮੂੰਹ-ਮੁਹਾਂਦਰਾ ਸੰਵਾਰਨ ਤੋਂ ਇਲਾਵਾ ਲੋਡ਼ੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ 2100 ਕਰੋਡ਼ ਰੁਪਏ ਰੱਖੇ ਗਏ ਹਨ। ਇਸੇ ਤਰਾਂ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 806 ਕਰੋਡ਼ ਰੁਪਏ ਰੱਖੇ ਗਏ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਰੁਪਏ ਦਾ ਫਸਲੀ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ 2 ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਕਰਕੇ ਖੁਦਕੁਸ਼ੀ ਕਰਨ ਜਾਂ ਅਜਿਹਾ ਕੋਈ ਘਾਤਕ ਕਦਮ ਨਾ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਕਰਜ਼ਾ ਮੁਆਫੀ ਦੀ ਸਕੀਮ ਇੱਕ ਮਹੀਨੇ ‘ਚ ਅਮਲ ਵਿੱਚ ਆ ਜਾਵੇਗੀ ਅਤੇ ਸਰਕਾਰ ਆਪਣੇ ਪੱਧਰ ‘ਤੇ ਕਿਸਾਨਾਂ ਦਾ ਕਰਜ਼ਾ ਲਾਹੇਗੀ, ਜਿਸ ਕਰਕੇ ਕਿਸਾਨਾਂ ਨੂੰ ਇਸ ਦੀ ਅਦਾਇਗੀ ਕਰਨ ਲਈ ਫਿਕਰ ਕਰਨ ਦੀ ਕੋਈ ਲੋਡ਼ ਨਹੀਂ ਹੈ।
ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਟਾਸਕ ਫੋਰਸ ਨੂੰ ਨਸ਼ੇ ਦੇ ਕਾਰੋਬਾਰ ਨਾਲ ਜੁਡ਼ੇ ਲੋਕਾਂ ਖਿਲਾਫ਼ ਕਾਰਵਾਈ ਲਈ ਖੁੱਲੀ ਛੁੱਟੀ ਦਿੱਤੀ ਹੋਈ ਹੈ ਅਤੇ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 6018 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਗਤੀਵਿਧੀਆਂ ’ਚ ਸ਼ਾਮਲ ਕੁਝ ਪੁਲਿਸ ਮੁਲਾਜ਼ਮਾਂ ਸਮੇਤ 6933 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ 97 ਕਿਲੋ ਹੈਰੋਇਨ ਤੇ ਹੋਰ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ’ਚ ਪਾਬੰਦੀਸ਼ੁਦਾ ਦਵਾਈਆਂ ਜਿਨਾਂ ਦੀ ਸਿੰਥੈਟਿਕ ਡਰੱਗ ਬਣਾਉਣ ਲਈ ਦੁਰਵਰਤੋਂ ਕੀਤੀ ਜਾਂਦੀ ਸੀ, ਦੀ ਸਪਲਾਈ ਵਿੱਚ 50 ਫੀਸਦੀ ਗਿਰਾਵਟ ਆਈ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪਿਛਲੀ ਸਰਕਾਰ ਦੌਰਾਨ ਝੂਠੇ ਕੇਸਾਂ ਵਿੱਚ ਫਸਾਏ ਬੇਕਸੂਰ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਉਨਾਂ ਦੀ ਸਰਕਾਰ ਵਚਨਬੱਧ ਹੈ ਅਤੇ ਅਜਿਹੇ ਕੇਸਾਂ ਦੀ ਜਾਂਚ ਲਈ ਬਣਾਏ ਨਿਆਂਇਕ ਕਮਿਸ਼ਨ ਵੱਲੋਂ ਛੇਤੀ ਆਪਣੀ ਰਿਪੋਰਟ ਸੌਂਪੀ ਜਾਵੇਗੀ। ਉਨਾਂ ਆਖਿਆ ਕਿ ਅਜਿਹਾ ਹੀ ਇੱਕ ਕਮਿਸ਼ਨ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਾਇਮ ਕੀਤਾ ਗਿਆ ਹੈ, ਜੋ ਦੋਸ਼ੀਆਂ ਦੀ ਸ਼ਨਾਖਤ ਕਰ ਰਿਹਾ ਹੈ ਜਿਨਾਂ ਨੂੰ ਉਨਾਂ ਦੀ ਸਰਕਾਰ ਕਾਨੂੰਨ ਦੇ ਕਟਹਿਰੇ ਵਿੱਚ ਖਡ਼ਾ ਕਰੇਗੀ।
ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਆਖਿਆ ਕਿ ਨਵੀਂ ਤੇ ਮੌਜੂਦਾ ਸਨਅਤ ਲਈ ਉਨਾਂ ਦੀ ਸਰਕਾਰ ਨੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਦਰ ਤੈਅ ਕੀਤੀ ਹੈ ਅਤੇ ਸੂਬੇ ’ਚ ਵਪਾਰਕ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਨਵੀਂ ਸਨਅਤੀ ਨੀਤੀ ਲਿਆਂਦੀ ਜਾ ਰਹੀ ਹੈ। ਉਨਾਂ ਨੇ ਰੀਅਲ ਅਸਟੇਟ ਨੂੰ ਉਤਸ਼ਾਹਤ ਕਰਨ ਲਈ ਸ਼ਹਿਰੀ ਜਾਇਦਾਦਾਂ ਦੀ ਰਜਿਸਟਰੀ ’ਤੇ ਲਗਦੀ ਸਟੈਂਪ ਡਿਊਟੀ 9 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰਨ ਸਮੇਤ ਚੁੱਕੇ ਕਈ ਕਦਮਾਂ ਦਾ ਜ਼ਿਕਰ ਕੀਤਾ।
‘ਪ੍ਰਬੰਧ ਦੇ ਰਾਖੇ’ ਸਕੀਮ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਬਕਾ ਸੈਨਿਕਾਂ ਦੀ ਸਵੈ-ਇੱਛਤ ਫੋਰਸ ਸਾਰੀਆਂ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਤੇ ਸੰਜ਼ੀਦਗੀ ਨਾਲ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਏਗੀ ਤਾਂ ਕਿ ਇਨਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਸਕੇ। ਉਨਾਂ ਆਖਿਆ ਕਿ ਇਕ ਮਹੀਨੇ ਵਿੱਚ ਇੱਕ ਹਜ਼ਾਰ ਸਾਬਕਾ ਸੈਨਿਕ ਇਸ ਮਿਸ਼ਨ ਲਈ ਭਰਤੀ ਕੀਤੇ ਜਾਣਗੇ।
ਸੂਬੇ ਵਿੱਚ ਔਰਤਾਂ ਨੂੰ ਵੱਧ ਅਧਿਕਾਰ ਦੇਣ ਲਈ ਚੁੱਕੇ ਕਦਮਾਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸ਼ਹਿਰੀ ਸਥਾਨਕ ਅਤੇ ਪੰਚਾਇਤੀ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਵਧਾ ਕੇ 50 ਫੀਸਦੀ ਕਰਨ ਤੋਂ ਇਲਾਵਾ ਲਡ਼ਕੀਆਂ ਤੇ ਔਰਤਾਂ ਦੀ ਭਲਾਈ ਲਈ ਕਈ ਹੋਰ ਉਪਰਾਲੇ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਸਮਾਜਿਕ ਸੁਰੱਖਿਆ ਅਧੀਨ ਦਿੱਤੀ ਜਾ ਰਹੀ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਗਲੇ ਸਾਲ ਤੋਂ ਵਧਾ ਕੇ 1000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹਡ਼ਾ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਹਾਜ਼ਰ ਸਨ। ਇਨਾਂ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋਡ਼ਾ, ਏ.ਡੀ.ਜੀ.ਪੀ. ਬਾਰਡਰ-ਕਮ-ਐਸ.ਟੀ.ਐਫ. ਚੀਫ ਹਰਪ੍ਰੀਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਤੇ ਜ਼ਿਲਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਵੀ ਹਾਜ਼ਰ ਸਨ।
Weather Update : ਪੰਜਾਬ ‘ਚ ਬਾਰਿਸ਼ ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
Weather Update : ਪੰਜਾਬ 'ਚ ਬਾਰਿਸ਼ ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਚੰਡੀਗੜ੍ਹ, 3 ਜਨਵਰੀ(ਵਿਸ਼ਵ ਵਾਰਤਾ) ਪੰਜਾਬ 'ਚ ਕਹਿਰ ਮਚਾ...