ਕੇਂਦਰੀ ਵਿੱਤ ਮੰਤਰੀ ਨੇ ਅੱਜ ਐਲਾਨੇ ਆਰਥਿਕ ਪੈਕੇਜ ਵਿੱਚ ਅਜਿਹੇ ਤਬਕਿਆਂ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ
ਨਾਗਰਿਕਾਂ ਨੂੰ ਸਹਾਇਤਾ ਦੇਣ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਸੋਨੀਆ ਗਾਂਧੀ ਨੂੰ ਜਾਣੰੂ ਕਰਵਾਇਆ, ਘਰ-ਘਰ ਸਾਮਾਨ ਪਹੁੰਚਾਉਣ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ
ਚੰਡੀਗੜ, 26 ਮਾਰਚ( ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦਿਹਾੜੀਦਾਰ ਕਾਮਿਆਂ ਅਤੇ ਗੈਰ-ਸੰਗਠਿਤ ਮਜ਼ਦੂਰਾਂ ਲਈ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਤੁਰੰਤ ਵੰਡਣ ਦਾ ਐਲਾਨ ਕੀਤਾ ਹੈ ਤਾਂ ਕਿ ਕੋਵਿਡ-19 ਕਾਰਨ ਕਰਫਿੳੂ ਲਾਉਣ ਨਾਲ ਪੈਦਾ ਹੋਈ ਅਚਨਚੇਤੀ ਸਥਿਤੀ ਮੌਕੇ ਉਨਾਂ ਦੀ ਸਹਾਇਤਾ ਕੀਤੀ ਜਾ ਸਕੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਹੋਵੇਗੀ ਅਤੇ ਇਹ ਪੈਕੇਟ ਝੁੱਗੀ-ਝੌਂਪੜੀਆਂ ਅਤੇ ਹੋਰ ਇਲਾਕਿਆਂ ਵਿੱਚ ਵੰਡੇ ਜਾਣਗੇ ਜਿੱਥੇ ਦਿਹਾੜੀਦਾਰ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਰਹਿ ਰਹੇ ਹਨ।
ਮੁੱਖ ਮੰਤਰੀ ਨੇ ਇਹ ਪੈਕੇਟ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਵੀ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਕਿ ਘਰ-ਘਰ ਵੰਡਣ ਮੌਕੇ ਇਹ ਪੈਕੇਟ ਹਾਸਲ ਨਾ ਕਰ ਸਕਣ ਵਾਲੇ ਅਜਿਹੇ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ ਅਤੇ ਉਹ ਖੁਰਾਕ ਲਈ ਹੈਲਪਲਾਈਨ ਨੰਬਰ ’ਤੇ ਵੀ ਕਾਲ ਕਰ ਸਕਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਰਥਿਕ ਪੈਕੇਜ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਮਾਜ ਦੇ ਕਈ ਤਬਕਿਆਂ ਨੂੰ ਸਹਾਇਤਾ ਹਾਸਲ ਹੋਵੇਗੀ। ਉਨਾਂ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਦਿਹਾੜੀਦਾਰਾਂ ਅਤੇ ਗੈਰ-ਸੰਗਠਿਤ ਕਾਮਿਆਂ ਨੂੰ ਫੌਰੀ ਰਾਹਤ ਨਹੀਂ ਦਿੱਤੀ ਗਈ ਜਿਨਾਂ ਨੂੰ ਕਰਫਿੳੂ/ਤਾਲਾਬੰਦੀ ਤੋਂ ਬਾਅਦ ਉਨਾਂ ਦੇ ਹੀ ਸਹਾਰੇ ਛੱਡ ਦਿੱਤਾ ਗਿਆ।
ਇਸ ਤੋਂ ਪਹਿਲਾਂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੁਆਰਾ ਪਾਰਟੀ ਦੀ ਅਗਵਾਈ ਵਾਲੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇਕ ਵੀਡੀਓ ਕਾਨਫਰੰਸ ਦੌਰਾਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਵਿਚਲੇ ਗਰੀਬ ਲੋਕਾਂ ਤੱਕ ਪਹੁੰਚ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨਾਂ ਨੇ ਸੰਕਟ ਦੀ ਇਸ ਘੜੀ ਵਿੱਚ ਨਾਗਰਿਕਾਂ ਨੂੰ ਸਹਾਇਤਾ ਦੇਣ ਲਈ ਸੂਬੇ ਵਿੱਚ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਕਾਂਗਰਸ ਪ੍ਰਧਾਨ ਨੂੰ ਜਾਣੂੰ ਕਰਵਾਇਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋੜੀਂਦੀਆਂ ਚੀਜ਼ਾਂ ਅਤੇ ਸੇਵਾਵਾਂ ਨੂੰ ਘਰ-ਘਰ ਪਹੰੁਚਾਉਣ ਨੂੰ ਯਕੀਨੀ ਬਣਾਉਣ ਅਤੇ ਲੋੜਵੰਦਾਂ ਤੱਕ ਉਨਾਂ ਦੇ ਦਰ ’ਤੇ ਪਹੁੰਚ ਕਰਨ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਉਨਾਂ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਹਰੇਕ ਜ਼ਿਲੇ ਵਿੱਚ ਸਹਾਇਤਾ ਅਤੇ ਡਲਿਵਰੀ ਸਿਸਟਮ ਨੂੰ ਸੁਚਾਰੂ ਬਣਾਉਣ। ਉਨਾਂ ਕਿਹਾ ਕਿ ਇਸ ਸਬੰਧ ਵਿਚ ਅੱਜ ਕਾਫ਼ੀ ਸੁਧਾਰ ਹੋਇਆ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਸਥਿਤੀ ਹੋਰ ਸਥਿਰ ਹੋ ਜਾਵੇਗੀ। ਉਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਈ-ਪਾਸ ਦੀ ਸਹੂਲਤ ਇਸ ਦਿਸ਼ਾ ਵਿਚ ਇਕ ਕਦਮ ਹੈ।
ਕੁਝ ਇਲਾਕਿਆਂ ਵਿੱਚ ਦਵਾਈਆਂ ਵਾਲੀਆਂ ਦੁਕਾਨਾਂ ’ਤੇ ਭੀੜ ਵਧਣ ਦੀਆਂ ਰਿਪੋਰਟਾਂ ’ਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਡਾਕਟਰਾਂ ਅਤੇ ਸਿਹਤ ਕਰਮੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਸਥਿਤੀ ਨਾਲ ਨਿਪਟਣ ਲਈ ਕੋਵਿਡ-19 ਦੀਆਂ ਟੈਸਟਿੰਗ ਕਿੱਟਾਂ ਅਤੇ ਸੁਰੱਖਿਆ ਸਾਮਾਨ ਤੱਕ ਸਾਰਾ ਲੋੜੀਂਦਾ ਸਾਜ਼ੋ-ਸਾਮਾਨ ਉਪਲਬਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਕਟਰਾਂ ਅਤੇ ਹੈਲਥ ਵਰਕਰਾਂ ਦੀ ਸੁਰੱਖਿਆ ਉਨਾਂ ਲਈ ਸਭ ਤੋਂ ਵੱਧ ਮਹੱਤਵਪੂਰਨ ਹੈ।