ਅੰਮਿ੍ਰਤਸਰ, 17 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਕਰਜ਼ੇ ਮੁਆਫ ਕਰਨ, ਲੰਗਰ ਉੱਤੇ ਜੀ.ਐਸ.ਟੀ ਅਤੇ ਹੋਰਨਾਂ ਮੁੱਦਿਆਂ ਬਾਰੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਉਨਾਂ ਨੂੰ ਸੂਬੇ ਵਿਚ ਆਪਣੀ ਪਾਰਟੀ ਦੇ ਸ਼ਾਸਨ ਦੌਰਾਨ ਕੋਈ ਇੱਕ ਵੀ ਅਸਰਦਾਇਕ ਪ੍ਰਾਪਤੀ ਦੱਸਣ ਦੀ ਚੁਣੌਤੀ ਦਿੱਤੀ ਹੈ।
ਘਟੀਆ ਨੀਤੀਆਂ ਅਤੇ ਦਿ੍ਰਸ਼ਟੀਹੀਣ ਪ੍ਰੋਗਰਾਮਾਂ ਦੇ ਰਾਹੀਂ ਸੂਬੇ ਨੂੰ ਤਬਾਹ ਕਰਨ ਲਈ ਬਾਦਲ ਪਤੀ-ਪਤਨੀ ਉੱਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਬਟਵਾਰੇ ਬਾਰੇ ਅਜਾਇਬ ਘਰ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀਆਂ ਨੇ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਸੂਬੇ ਦੀਆਂ ਗੋਟਣੀਆਂ ਲਵਾ ਦਿੱਤੀਆਂ ਹਨ। ਸੁਖਬੀਰ ਤੇ ਉਸ ਦੇ ਜੋਟੀਦਾਰਾਂ ਨੇ ਸੂਬੇ ਅਤੇ ਇਸ ਦੀ ਸੰਪਤੀ ਨੂੰ ਤਬਾਹ ਕਰ ਦਿੱਤਾ ਹੈ ਅਤੇ ਪੰਜਾਬ ਨੂੰ ਉਸ ਦੇ ਮਾਣ ਅਤੇ ਗੌਰਵ ਤੋਂ ਵਾਂਝਾ ਕਰ ਦਿੱਤਾ ਹੈ।
ਕਾਂਗਰਸ ਸਰਕਾਰ ਦੇ ਚਾਰ ਮਹੀਨਿਆਂ ਦੇ ਸ਼ਾਸਨ ਉੱਤੇ ਕਿੰਤੂ-ਪ੍ਰੰਤੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਇਹ ਸਪਸ਼ਟ ਕਰਨ ਲਈ ਚੁਣੌਤੀ ਦਿੱਤੀ ਕਿ ਉਨਾਂ ਨੇ ਪਿਛਲੇ ਇੱਕ ਦਹਾਕੇ ਦੌਰਾਨ ਪੰਜਾਬ ਲਈ ਕੀ ਕੀਤਾ ਹੈ।
ਮੁੱਖ ਮੰਤਰੀ ਨੇ ਸੁਖਬੀਰ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਹ ਦੱਸਣ ਕਿ ਅਕਾਲੀ ਸਰਕਾਰ ਨੇ ਪੰਜਾਬ ਨੂੰ ਕੀ ਦਿੱਤਾ। ਉਨਾਂ ਕਿਹਾ ਕਿ ਉਨਾਂ ਨੂੰ ਸੱਤਾ ਸੰਭਾਲੇ ਅਜੇ ਚਾਰ ਮਹੀਨੇ ਹੀ ਹੋਏ ਹਨ ਅਤੇ ਉਨਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਕਦਮ ਚੁੱਕੇ ਹਨ।
ਲੰਗਰ ਅਤੇ ਪ੍ਰਸਾਦ ਉੱਤੇ ਜੀ.ਐਸ.ਟੀ ਤੋਂ ਛੋਟ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਕੋਲ ਉਠਾਇਆ ਹੈ ਅਤੇ ਇਸ ਦੀ ਪੈਰਵੀ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਪਿਆ ਹੈ ਅਤੇ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਇਹ ਮੁੱਦਾ ਸੂਬਾ ਸਰਕਾਰ ਉੱਤੇ ਮੜਣ ਦੀ ਥਾਂ ਲੰਗਰ ਉੱਤੇ ਜੀ.ਐਸ.ਟੀ ਤੋਂ ਛੋਟ ਦਿਵਾਉਣੀ ਚਾਹੀਦੀ ਹੈ।
ਟੀ. ਹੱਕ ਕਮੇਟੀ ਦੀ ਰਿਪੋਰਟ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ 10.25 ਲੱਖ ਛੋਟੇ ਅਤੇ ਦਰਮਿਆਣੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਹੱਕ ਕਮੇਟੀ ਹੁਣ ਕਿਸਾਨ ਭਾਈਚਾਰੇ ਨਾਲ ਸਬੰਧਤ ਹੋਰਨਾਂ ਮੁੱਦਿਆਂ ਉੱਤੇ ਕੰਮ ਕਰ ਰਹੀ ਹੈ ਅਤੇ ਇਹ ਛੇਤੀ ਹੀ ਆਪਣੀ ਅੰਤਿਮ ਰਿਪੋਰਟ ਪੇਸ਼ ਕਰ ਦੇਵੇਗੀ। ਉਨਾਂ ਨੇ ਇਸ ਮੁੱਦੇ ਉੱਤੇ ਆਪਣੇ ਸੌੜੇ ਸਿਆਸੀ ਹਿੱਤਾਂ ਦੇ ਲਈ ਅਕਾਲੀਆਂ ਅਤੇ ਹੋਰ ਸਿਆਸੀ ਪਾਰਟੀਆਂ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਉਨਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ।