ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

221
Advertisement


ਮੁਕੇਰੀਆਂ (ਹੁਸ਼ਿਆਰਪੁਰ)/ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ ਲਿਆ ਅਤੇ ਸਾਰੀਆਂ ਸਰਕਾਰੀ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਅਸਲੀ ਹੱਕਦਾਰਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਆਟਾ-ਦਾਲ ਸਕੀਮ, ਸ਼ਗਨ, ਮਨਰੇਗਾ ਤੋਂ ਇਲਾਵਾ ਜ਼ਿਲ੍ਹੇ ਵਿਚ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਦੀਆਂ ਗਰੀਬ ਪੱਖੀ ਪਹਿਲਕਦਮੀਆਂ ਨੂੰ ਢੁੱਕਵੇਂ ਢੰਗ ਨਾਲ ਲਾਗੂ ਕਰਨ ਵਾਸਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ।
ਇਨ੍ਹਾਂ ਭਲਾਈ ਸਕੀਮਾਂ ਦੀ ਪ੍ਰਗਤੀ ਦੇ ਜਾਇਜ਼ੇ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਜਾਅਲੀ ਲਾਭਪਾਤਰੀਆਂ ਨੂੰ ਸੂਚੀਆਂ ਵਿਚੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੜ ਪੜਤਾਲ ਦੌਰਾਨ ਕਿਸੇ ਵੀ ਜਾਇਜ਼ ਅਤੇ ਹੱਕਦਾਰ ਲਾਭਪਾਤਰੀ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕ੍ਰਿਆ ਦਾ ਬੁਨਿਆਦੀ ਉਦੇਸ਼ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਵਿਕਾਸ ਦਾ ਲਾਭ ਹੇਠਲੇ ਪੱਧਰ ਉੱਤੇ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ।
ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਿਯਮਤ ਤੌਰ ‘ਤੇ ਖਰੀਦ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਖਿਆ। ਉਨ੍ਹਾਂ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਤਾਂ ਜੋ ਸਮੁੱਚੀ ਪ੍ਰਕ੍ਰਿਆ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਹਰ ਕੀਮਤ ਉੱਤੇ ਝੋਨੇ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਨਸ਼ੇ ਵਿਚ ਲਿਪਤ ਹੋਏ ਲੋਕਾਂ ਦਾ ਨਸ਼ਾ ਛਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਵੇ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਨ੍ਹਾਂ ਵਿਅਕਤੀਆਂ ਨੂੰ ਸਰਕਾਰ ਵੱਲੋਂ ਨਸ਼ਾ ਛਡਾ ਕੇ ਮੁੱਖ ਧਾਰਾ ਵਿਚ ਵਾਪਸ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਵਿਚ ਫਸੇ ਇਨ੍ਹਾਂ ਵਿਅਕਤੀਆਂ ਨਾਲ ਬਹੁਤ ਜ਼ਿਆਦਾ ਧਿਆਨ ਅਤੇ ਪਿਆਰ ਨਾਲ ਨਿਪਟਿਆ ਜਾਵੇ ਤਾਂ ਜੋ ਉਹ ਮਾਣ-ਸਨਮਾਣ ਵਾਲੀ ਆਮ ਜ਼ਿੰਦਗੀ ਜਿਉ ਸਕਣ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਮਨਰੇਗਾ ਦੇ ਹੇਠ ਯੋਗ ਲਾਭਪਾਤਰੀਆਂ ਨੂੰ ਜੌਬ ਕਾਰਡ ਜਾਰੀ ਕਰਨ ਲਈ ਤਿੱਖੀ ਮੁਹਿੰਮ ਸ਼ੁਰੂ ਕਰਨ ਲਈ ਵੀ ਆਖਿਆ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਯੋਗ ਹੋ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਦੇ ਛੱਤਰਪੁਰ ਪਿੰਡ ਦੇ ਸਰਪੰਚ ਮਨਦੀਪ ਸਿੰਘ ਦੇ ਵਿਲੱਖਣ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਪਿੰਡ ਵਿਚ ਮਨਰੇਗਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਹੈ।
ਵਿਚਾਰ ਚਰਚਾ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਲਈ ਵੱਖ ਵੱਖ ਕੇਂਦਰੀ ਸਪਾਂਸਰ ਸਕੀਮਾਂ ਨੂੰ ਸਫ਼ਲਤਾਪੂਰਨ ਢੰਗ ਨਾਲ ਲਾਗੂ ਕਰਨ ਦੇ ਵਾਸਤੇ ਅਧਿਕਾਰੀਆਂ ਨੂੰ ਜ਼ਿਲ੍ਹਾ ਹੈਡਕੁਆਟਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਨੇੜੇ ਦਾ ਤਾਲਮੇਲ ਬਣਾ ਕੇ ਰੱਖਣ ਲਈ ਆਖਿਆ ਹੈ।
ਇਸ ਮੌਕੇ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜ਼ਿਆਂ ਅਤੇ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਵੀ ਮੌਜੂਦ ਸਨ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਇੰਸਪੈਕਟਰ ਜਨਰਲ ਪੁਲਿਸ ਅਰਪਿਤ ਸ਼ੁਕਲਾ ਅਤੇ ਐਸ.ਐਸ.ਪੀ ਜੇ. ਏਲਾਨਚੇਜ਼ੀਆਂ ਸ਼ਾਮਲ ਸਨ।

Advertisement

LEAVE A REPLY

Please enter your comment!
Please enter your name here