ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਪੱਖੀ ਉਪਰਾਲਿਆਂ ਲਈ 575 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਸੇਵਾ-ਮੁਕਤੀ ਲਾਭ ਦੇ 15 ਜੁਲਾਈ, 2018 ਤੱਕ ਦੇ ਮਾਮਲਿਆਂ ਦੇ ਨਿਪਟਾਰੇ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 125 ਕਰੋੜ ਰੁਪਏ ਅਤੇ ਪ੍ਰਸ਼ਾਸਕੀ ਸੁਧਾਰਾਂ ਲਈ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਵਚਨਬੱਧਤਾ ਦੇ ਮੁਤਾਬਕ ਬਿਜਲੀ ਸਬਸਿਡੀ ਲਈ ਵੀ 200 ਕਰੋੜ ਜਾਰੀ ਕਰ ਦਿੱਤੇ ਗਏ ਹਨ।
ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੂੰ ਜਾਰੀ ਕੀਤੇ ਫੰਡਾਂ ਨਾਲ ਆਮ ਲੋਕਾਂ ਨੂੰ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਸ਼ਹਿਰੀ ਵਿਕਾਸ ਪ੍ਰਾਜੈਕਟਾਂ ਤਹਿਤ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ‘ਤੇ ਫੰਡ ਖਰਚੇ ਜਾਣਗੇ।
ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸਮੂਹ ਵਿਭਾਗਾਂ ਨੂੰ ਪਿਛਲੀ ਸਰਕਾਰ ਪਾਸੋਂ ਵਿਰਸੇ ਵਿੱਚ ਹਾਸਲ ਹੋਈ ਵਿੱਤੀ ਤੰਗਹਾਲੀ ਵਿੱਚੋਂ ਨਿਕਲਣ ਲਈ ਕਿਫ਼ਾਇਤੀ ਕਦਮਾਂ ਰਾਹੀਂ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹੋਏ ਹਨ।