ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ‘ਚ ਸੁਣਵਾਈ ਅੱਜ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,15ਜਨਵਰੀ(ਵਿਸ਼ਵ ਵਾਰਤਾ)- ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੋਮਵਾਰ ਨੂੰ ਸੁਣਵਾਈ ਕਰੇਗਾ। ਦੱਸ ਦਈਏ ਕਿ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਪਰਿਵਾਰਕ ਝਗੜੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੁਨਾਮ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਡਾ.ਐਚ.ਸੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਵਿਰੁੱਧ ਇਕ ਨੋਟਿਸ ਐਡਵੋਕੇਟ ਡਾ: ਐਚ.ਸੀ ਅਰੋੜਾ ਵੱਲੋਂ ਸਰਕਾਰ ਨੂੰ ਭੇਜਿਆ ਗਿਆ ਸੀ। ਹੁਣ ਪੰਜਾਬ ਹਰਿਆਣਾ ਹਾਈਕੋਰਟ ਉਸ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਜਾ ਰਿਹਾ ਹੈ। ਇਸ ਪਟੀਸ਼ਨ ‘ਚ ਉਨ੍ਹਾਂ ਨੇ 2013 ‘ਚ ਲਿਲੀ ਥਾਮਸ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਮੁਤਾਬਕ ਕਾਰਵਾਈ ਕਰਨ ਲਈ ਕਿਹਾ ਹੈ। ਲਿਲੀ ਥਾਮਸ ਮਾਮਲੇ ‘ਚ 2013 ‘ਚ ਹੁਕਮ ਦਿੱਤੇ ਗਏ ਸਨ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ।
21 ਦਸੰਬਰ ਨੂੰ ਸੁਨਾਮ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਰੋੜਾ ‘ਤੇ ਦੋਸ਼ ਸੀ ਕਿ 15 ਸਾਲ ਪਹਿਲਾਂ ਉਸਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ।