ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
ਹੁਸ਼ਿਆਰਪੁਰ, 24 ਅਪ੍ਰੈਲ (ਵਿਸ਼ਵ ਵਾਰਤਾ) ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਅਦੇ ਨਹੀਂ ਬਲਕਿ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਿਰਫ਼ ਇਕ ਮਹੀਨੇ ਵਿਚ ਹੀ ਸੂਬੇ ਵਿਚ ਸਰਕਾਰ ਨੇ ਲੋਕ ਭਲਾਈ ਕੰਮਾਂ ਦੀ ਚਰਚਾ ਹੋ ਰਹੀ ਹੈ। ਉਹ ਊਨਾ ਰੋਡ ਸਥਿਤ ਬੈਂਸ ਕਲੋਨੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ 480 ਮੀਟਰ ਲੰਬੀ ਬਣਨ ਵਾਲੀ ਸੜਕ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਸੜਕ ਨਿਰਮਾਣ ਦੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕੰਮ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਬ੍ਰਹਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਰਜਾਂ ਵਿਚ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁਦ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਉਨ੍ਹਾਂ ਨਾਲ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਰਜਿੰਦਰ ਗੋਤਰਾ, ਐਸ.ਡੀ.ਓ. ਸ੍ਰੀ ਗੁਰਮੀਤ ਸਿੰਘ, ਸ੍ਰੀ ਅਜੇ ਮੋਹਨ ਬੱਬੀ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।