ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਗੁਦਾਮਾਂ ਦੀ ਅਚਨਚੇਤ ਚੈਕਿੰਗ
-ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ ਸੰਭਾਲ ਕਰਨਾ ਸਾਡਾ ਫ਼ਰਜ਼ : ਲਾਲ ਚੰਦ ਕਟਾਰੂਚੱਕ
– ਕੈਬਨਿਟ ਮੰਤਰੀ ਨੇ ਸਮਾਣਾ, ਭੁਨਰਹੇੜੀ ਤੇ ਸਨੌਰ ਦੇ ਗੁਦਾਮਾਂ ਦਾ ਲਿਆ ਜਾਇਜ਼ਾ
ਪਟਿਆਲਾ/ਚੰਡੀਗੜ੍ਹ, 20 ਫਰਵਰੀ:ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਗੁਦਾਮਾਂ ਵਿੱਚ ਪਈ ਕਣਕ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਘਣਸ਼ਿਆਮ ਥੋਰੀ ਵੀ ਮੌਜੂਦ ਸਨ।
ਪਟਿਆਲਾ ਜ਼ਿਲ੍ਹੇ ਦੇ ਸਮਾਣਾ, ਭੁਨਰਹੇੜੀ ਅਤੇ ਸਨੌਰ ਖੇਤਰ ਦੇ ਗੁਦਾਮਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ-ਸੰਭਾਲ ਕਰਨਾ ਅਤੇ ਲੋਕਾਂ ਤੱਕ ਅਨਾਜ ਦੀ ਸੁਖਾਲੀ ਪਹੁੰਚ ਬਣਾਉਣਾ ਸਾਡਾ ਫ਼ਰਜ਼ ਹੈ ਅਤੇ ਇਸ ਲਈ ਉਨ੍ਹਾਂ ਵੱਲੋਂ ਲਗਾਤਾਰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਗੁਦਾਮਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਜੋ ਕੰਮ ਕਰ ਰਹੀ ਹੈ, ਉਸੇ ਲੜੀ ਤਹਿਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕੰਮ ਦੀ ਸਮੇਂ ਸਮੇਂ ’ਤੇ ਸਮੀਖਿਆ ਕੀਤੀ ਜਾਂਦੀ ਹੈ।
ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਗੁਦਾਮਾਂ ਦੀ ਚੈਕਿੰਗ ਦੌਰਾਨ ਤਸੱਲੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਗੁਦਾਮਾਂ ਵਿੱਚ ਰੱਖੇ ਅਨਾਜ ਦੀ ਸਾਂਭ ਸੰਭਾਲ ਚੰਗੇ ਤਰੀਕੇ ਨਾਲ ਹੋ ਰਹੀ ਹੈ ਤੇ ਨਵੇਂ ਸੀਜ਼ਨ ਦੌਰਾਨ ਆਉਣ ਵਾਲੀ ਫ਼ਸਲ ਲਈ ਗੁਦਾਮਾਂ ਅੰਦਰ ਹੁਣ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਦਾਮਾਂ ’ਚ ਰੱਖੇ ਅਨਾਜ ਦਾ ਹੋਰ ਵੀ ਚੰਗੇ ਢੰਗ ਨਾਲ ਰਿਕਾਰਡ ਮੇਨਟੇਨ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਗੁਦਾਮਾਂ ਵਿਚੋਂ ਰੋਜ਼ਾਨਾ ਕੀਤੀ ਜਾ ਰਹੀ ਲਿਫ਼ਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅੱਪਡੇਟ ਕਰਨ ਲਈ ਕਿਹਾ ਗਿਆ ਹੈ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਚਨਚੇਤ ਕੀਤੀ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ ਕਾਜ ਨੂੰ ਦੇਖਣ ਸਮੇਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਵਿਭਾਗ ਵਿੱਚ ਕਿਸੇ ਤਰ੍ਹਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬੇ ਭਰ ’ਚ ਗੁਦਾਮਾਂ ਦੀ ਚੈਕਿੰਗ ਇਸੇ ਤਰ੍ਹਾਂ ਕੀਤੀ ਜਾਂਦੀ ਰਹੇਗੀ। ਇਸ ਮੌਕੇ ਡੀ.ਐਫ.ਐਸ.ਸੀ. ਡਾ. ਰਵਿੰਦਰ ਕੌਰ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ।