ਗੁਰਪ੍ਰੀਤ ਸਿੰਘ ਨਿਆਮੀਆਂ ਦੀ ਕਿਤਾਬ “ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫਰ” ਅੱਜ ਹੋਵੇਗੀ ਰਿਲੀਜ਼
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ)-ਭਾਸ਼ਾ ਵਿਭਾਗ ਪੰਜਾਬ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਦਫ਼ਤਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਪ੍ਰੀਤ ਸਿੰਘ ਨਿਆਮੀਆਂ ਦੀ ਕਿਤਾਬ “ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫਰ” ਅੱਜ 19 ਦਸੰਬਰ ਨੂੰ ਜਿਲ੍ਹਾ ਭਾਸ਼ਾ ਦਫ਼ਤਰ ਵਿਖੇ ਰਿਲੀਜ਼ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾਕਟਰ ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਸਮਾਗਮ ਦੀ ਪ੍ਰਧਾਨਗੀ ਕਰਨਗੇ, ਜਦਕਿ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ ਮੁੱਖ ਮਹਿਮਾਨ ਹੋਣਗੇ। ਡਾਕਟਰ ਬੋਹਾ ਨੇ ਦੱਸਿਆ ਕਿ ਵਿਸ਼ਵ ਗੁਰਮਤਿ ਰੁਹਾਨੀ ਚੈਰੀਟੇਬਲ ਟਰਸਟ ਰਤਵਾੜਾ ਸਾਹਿਬ ਦੇ ਸਕੱਤਰ ਡਾ. ਸੁਖਵਿੰਦਰ ਸਿੰਘ ਅਤੇ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਦੌਰਾਨ ਡਾਕਟਰ ਗੁਰਮੀਤ ਸਿੰਘ ਬੈਦਵਾਣ ਪ੍ਰਧਾਨ ਅੰਤਰਰਾਸ਼ਟਰੀ ਪੁਆਧੀ ਮੰਚ, ਪੁਸਤਕ ਬਾਰੇ ਪਰਚਾ ਪੇਸ਼ ਕਰਨਗੇ। ਪ੍ਰੋਗਰਾਮ ਦੌਰਾਨ ਗੀਤਕਾਰ ਲਾਭ ਚਤਾਮਲੀ ਵਾਲਾ, ਯੂਨੀਸਟਾਰ ਬੁਕਸ ਪ੍ਰਾਈਵੇਟ ਲਿਮਟਿਡ ਦੇ ਮਾਲਿਕ ਤੇ ਪੁਸਤਕ ਦੇ ਪ੍ਰਕਾਸ਼ਕ ਹਰੀਸ਼ ਜੈਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਪਰਮਿੰਦਰ ਸਿੰਘ ਸੋਹਾਣਾ, ਪੁਆਧੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਪਰਮਦੀਪ ਸਿੰਘ ਬੈਦਵਾਨ, ਹਰਦੀਪ ਸਿੰਘ ਬਠਲਾਣਾ, ਬੀਬਾ ਮੋਹਣੀ ਤੂਰ, ਡਾਕਟਰ ਕਰਮਜੀਤ ਸਿੰਘ ਚਿੱਲਾ ਅਤੇ ਹੋਰ ਮਹਿਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇ।