ਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਪੰਜਾਬ ਕਾਂਗਰਸ
ਚੰਡੀਗੜ੍ਹ, 20 ਨਵੰਬਰ: ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚੇਤਾਵਨੀ ਦਿੱਤੀ ਹੈ।
ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ ‘ਤੇ ਪੰਜਾਬ ਦੇ ਅਧਿਕਾਰਾਂ ‘ਤੇ ਹਮਲਾ ਕਰੇਗਾ। ਜਿਸਦਾ ਪੰਜਾਬ ਵਾਸੀ ਹਰ ਕੀਮਤ ‘ਤੇ ਵਿਰੋਧ ਕਰਨਗੇ।
ਉਨ੍ਹਾਂ ਕੇਂਦਰ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ ਵਿਰੁੱਧ ਚੇਤਾਵਨੀ ਦਿੱਤੀ ਅਤੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ‘ਤੇ ਸਵਾਲ ਉਠਾਇਆ, ਜਦੋਂ ਇਹ ਪਹਿਲਾਂ ਹੀ ਕੈਪੀਟਲ ਕੰਪਲੈਕਸ ਦੀ ਮੌਜੂਦਾ ਇਮਾਰਤ ਤੋਂ ਕੰਮ ਕਰ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਜਦੋਂ ਤੋਂ ਕੇਂਦਰ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਹ ਹਰ ਰੋਜ਼ ਪੰਜਾਬ ਲਈ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਨਾਲ ਕੇਂਦਰ ਅਤੇ ਸੂਬੇ ਦੇ ਸਬੰਧਾਂ ਵਿੱਚ ਖਟਾਸ ਆਵੇਗੀ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਸੀ ਕਿ ਸਾਰਾ ਚੰਡੀਗੜ੍ਹ ਪੰਜਾਬ ਦਾ ਹੈ, ਇਸ ਲਈ ਸ਼ਹਿਰ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਰਾਜੀਵ-ਲੌਂਗੋਵਾਲ ਸਮਝੌਤੇ ਵਿੱਚ ਵੀ ਪੁਸ਼ਟੀ ਕੀਤੀ ਗਈ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ। ਜਿਸ ਬਾਰੇ ਉਨ੍ਹਾਂ ਜ਼ਿਕਰ ਕੀਤਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਇਤਿਹਾਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਵੱਖਰੀ ਅਸੈਂਬਲੀ ਬਣਾਉਣ ਦਾ ਕਦਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਭੂਮਿਕਾ ਨੂੰ ਖਤਮ ਕਰਨ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਜਾਂ ਪੰਜਾਬ ਨੂੰ ਗੁਆਂਢੀ ਸੂਬੇ ਨੂੰ ਪਾਣੀ ਦੇਣ ਲਈ ਮਜਬੂਰ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦਾ ਸਟਾਫ਼ ਘਟਾਉਣ ਸਬੰਧੀ ਕਦਮਾਂ ਦਾ ਹਿਸਾ ਹੈ।