ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਵੱਲੋਂ ਅਪੀਲ ਦਾਇਰ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੁਲਾਈ(ਸਤੀਸ਼ ਕੁਮਾਰ ਪੱਪੀ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਕਾਰਜਕਾਰੀ ਚੇਅਰਮੈਨ, ਜਸਟਿਸ ਸ. ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਇੱਕ ਜੁਲਾਈ 2023 ਤੋਂ 31ਜੁਲਾਈ 2023 ਤੱਕ ਸਪੈਸ਼ਲ ਮੁਹਿੰਮ ਦੀ ਸ਼ੁਰੁਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਜੇਲ੍ਹਾਂ ਵਿਚ ਬੰਦ, ਜਿਲ੍ਹਾ ਐਸ.ਏ.ਐਸ. ਨਗਰ ਦੇ ਉਨ੍ਹਾਂ ਕੈਦੀਆਂ ਦੀ ਸ਼ਨਾਖਤ ਕੀਤੀ ਜਾਵੇਗੀ, ਜਿਨ੍ਹਾਂ ਨੇ ਸਜ਼ਾਵਾਂ ਦੇ ਵਿਰੁੱਧ, ਕਿਸੇ ਕਾਰਨ ਕਰਕੇ ਉਚ ਅਦਾਲਤ ਵਿਚ ਕੋਈ ਅਪੀਲ ਨਹੀਂ ਕੀਤੀ।
ਇਹ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਮੁਹਿੰਮ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਏਡ ਡਿਫੈਂਸ ਕੌਂਸਲ, ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਮਿਲ ਕੇ ਉਨ੍ਹਾਂ ਕੈਦੀਆਂ ਦੀ ਸ਼ਨਾਖਤ ਕਰਨਗੇ, ਜਿਹੜੇ ਸਜ਼ਾ ਦੇ ਵਿਰੁੱਧ ਉਚ ਅਦਾਲਤਾਂ ਵਿਚ ਅਪੀਲ ਦਾਇਰ ਕਰਨੀ ਚਾਹੁੰਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੇਲ੍ਹਾਂ ਵਿਚ ਬੰਦ ਕੈਦੀਆਂ, ਹਵਾਲਾਤੀਆਂ ਅਤੇ ਹਰ ਉਸ ਵਿਅਕਤੀ ਨੂੰ, ਜੋ ਆਰਥਿਕ ਜਾਂ ਕਿਸੇ ਹੋਰ ਕਾਰਨ ਕਰਕੇ ਵਕੀਲ ਦੀ ਫੀਸ ਅਦਾ ਨਹੀਂ ਕਰ ਸਕਦਾ, ਨੂੰ ਕਾਨੂੰਨੀ ਸਹਾਇਤਾ ਦੇਣ ਲਈ ਵਚਨਬੱਧ ਹੈ।