ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਸ਼ਹੀਦ
ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਅੱਤਵਾਦੀਆਂ ਅਤੇ ਭਾਰਤੀ ਫੌਜ ਦੇ ਜਵਾਨਾਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਹਲਾਨ ਜੰਗਲੀ ਖੇਤਰ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਫੌਜ ਅਤੇ ਹੋਰ ਸੁਰੱਖਿਆ ਬਲਾਂ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਡੇਰੇ ਲਾਏ ਹੋਏ ਹਨ। ਉਨ੍ਹਾਂ ਦੀ ਦੇਖ-ਰੇਖ ‘ਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਸੁਰੱਖਿਆ ਘੇਰਾ ਸਖ਼ਤ ਕਰ ਦਿੱਤਾ ਗਿਆ ਹੈ ਤਾਂ ਜੋ ਅੱਤਵਾਦੀ ਭੱਜ ਨਾ ਸਕਣ।
ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ‘ਚ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।