ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਾਲੇਰਕੋਟਲਾ ਜ਼ਿਲ੍ਹੇ ‘ਚ ਸਥਾਪਤ 41 ਮੰਡੀਆਂ ‘ਚ ਖਰੀਦ ਦੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ‘ਚ ਲੈ ਕੇ ਆਉਣ ਦੀ ਅਪੀਲ
ਅਮਰਗੜ੍ਹ/ਮਾਲੇਰਕੋਟਲਾ 22 ਅਪ੍ਰੈਲ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਕ੍ਰਿਸ਼ਨਗੜ੍ਹ(ਸੰਗਾਲਾ), ਬਿੰਜੋਕੀ,ਸਰਵਰਪੁਰ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੀਆਂ 41 ਮੰਡੀਆਂ ਵਿੱਚ ਖਰੀਦ ਲਈ ਪੁਖਤਾ ਪ੍ਰਬੰਧ ਹਨ ਤੇ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬੇਮੋਸਮੀ ਬਰਸਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਜੀਣਸ ਨੂੰ ਕਵਰ ਕਰਨ ਲਈ ਤਰਪਾਲਾਂ ਦੇ ਪੁਖੱਤਾ ਪ੍ਰਬੰਧ ਕੀਤੇ ਜਾਣ ।
ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ।
ਇਸ ਮੌਕੇ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ,ਇੰਸਪੈਕਟਰ ਰਸਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵੱਖ ਵੱਖ ਮੰਡੀਆਂ ਦੇ ਨੁਮਾਇੰਦੇ ਮੌਜੂਦ ਸਨ ।