ਡਿਪਟੀ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਏਅਰਪੋਰਟ ਜੰਕਸ਼ਨ ਅਤੇ ਅੰਮ੍ਰਿਤਸਰ ਬਾਈਪਾਸ ਗਰੀਨਫੀਲਡ ਪ੍ਰਾਜੈਕਟ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ
ਅੰਮ੍ਰਿਤਸਰ, 14 ਦਸੰਬਰ 2023 (ਵਿਸ਼ਵ ਵਾਰਤਾ)- ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵੱਲੋਂ ਅੱਜ ਦਿੱਲੀ -ਕਟੜਾ ਐਕਸਪ੍ਰੈੱਸ ਵੇਅ, ਅੰਮ੍ਰਿਤਸਰ ਬਾਈਪਾਸ ਗਰੀਨਫੀਲਡ ਅਲਾਇਨਮੈਂਟ ਅਤੇ ਅੰਮ੍ਰਿਤਸਰ ਏਅਰਪੋਰਟ ਜੰਕਸ਼ਨ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੁਆਵਜ਼ੇ ਦੇ ਕੇਸਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਤਾਂ ਜੋ ਇਨ੍ਹਾਂ ਪ੍ਰਾਜੈਕਟਾਂ ਵਿੱਚ ਦੇਰੀ ਤੋਂ ਬਚਿਆ ਜਾ ਸਕੇ। ਉਨਾਂ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਜਲਦ ਤੋਂ ਜਲਦ ਵੰਡ ਕਰਨ ’ਤੇ ਜ਼ੋਰ ਦਿੱਤਾ।
ਉਨਾਂ ਨੇ ਇੰਨਾ ਵਕਾਰੀ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਸ ਖੇਤਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ, ਸੜਕ ਸੁਰੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧੇ ਤੋਂ ਇਲਾਵਾ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲ ਸਕੇ।
ਅਧਿਕਾਰੀਆਂ ਨਾਲ ਆਨ ਲਾਈਨ ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਮੀਨ ਕਬਜ਼ੇ ਅਤੇ ਮੁਆਵਜ਼ੇ ਦੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਪ੍ਰੋਜੈਕਟ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ । ਉਨ੍ਹਾਂ ਨੇ ਸਬੰਧਤ ਐਸ.ਡੀ.ਐਮਜ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਮਾਮਲਿਆਂ ਵਿੱਚ ਜਿੱਥੇ ਜ਼ਮੀਨ ਮਾਲਕਾਂ ਨੂੰ ਪਹਿਲਾਂ ਹੀ ਆਪਣੀ ਪ੍ਰਾਪਰਟੀ ਦੇ ਅਵਾਰਡ ਮਿਲ ਚੁੱਕੇ ਹਨ, ਦੇ ਇੰਤਕਾਲ ਮਾਲ ਰਿਕਾਰਡ ਵਿੱਚ ਤਬਦੀਲ ਕਰਨ ਦੀ ਕਾਰਵਾਈ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕਰਨ ਯਕੀਨੀ ਬਣਾਉਣ ਲਈ ਕਿਹਾ।