ਦਿੱਲੀ ਵਿੱਚ ਕੈਪਟਨ ਅਮਰਿੰਦਰ ਨੇ ਪ੍ਰਧਾਨਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਚੰਡੀਗੜ੍ਹ, 15 ਦਸੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕਰੀਬ ਤਿੰਨ ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਕਰੀਬ ਅੱਧਾ ਘੰਟਾ ਵਿਸਥਾਰਤ ਮੀਟਿੰਗ ਹੋਈ।
ਸਾਬਕਾ ਮੁੱਖ ਮੰਤਰੀ ਨੇ ਕੋਈ ਵਿਸ਼ੇਸ਼ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਆਪਕ ਅਤੇ ਵਿਸਤ੍ਰਿਤ ਚਰਚਾ ਕੀਤੀ ਹੈ।
ਬਾਅਦ ਵਿੱਚ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਅੱਗ ਲਗਾਉਣ ਦੀ ਘਟਨਾ ਦੀ ਨਿੰਦਾ ਕੀਤੀ ਜਿੱਥੇ ਕੁਰਸੀਆਂ ਅਤੇ ਬੈਂਚਾਂ ਸਮੇਤ ਕੁਝ ਫਰਨੀਚਰ ਨੂੰ ਅੱਗ ਲਗਾ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਇਹ ਬਿਲਕੁਲ ਅਸਵੀਕਾਰਨਯੋਗ ਹੈ ਅਤੇ ਇਸ ਨੂੰ ਤੁਰੰਤ ਰੋਕਣਾ ਚਾਹੀਦਾ ਹੈ। ਉਨ੍ਹਾਂ ਸਥਿਤੀ ਨੂੰ ਹੋਰ ਵਿਗੜਨ ਨਾ ਦੇਣ ਦੀ ਚਿਤਾਵਨੀ ਵੀ ਦਿੱਤੀ।
ਕੈਪਟਨ ਅਮਰਿੰਦਰ ਨੇ ਪਾਕਿਸਤਾਨ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਲੈ ਕੇ ਆਉਣ ਵਾਲੇ ਡਰੋਨਾਂ ਦੀ ਤਸਕਰੀ ‘ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਉਨ੍ਹਾਂ ਲੋਕਾਂ ਦੇ ਹੱਥਾਂ ਵਿੱਚ ਜਾ ਰਹੇ ਹਨ ਜੋ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ, ਉਹ ਹਮੇਸ਼ਾ ਪਾਕਿਸਤਾਨੀ ਸਾਜ਼ਿਸ਼ਾਂ ਵਿਰੁੱਧ ਚੇਤਾਵਨੀ ਦਿੰਦੇ ਰਹੇ ਹਨ ਅਤੇ ਹੁਣ ਹਥਿਆਰਾਂ ਅਤੇ ਨਸ਼ਿਆਂ ਦੀ ਘੁਸਪੈਠ ਦੀ ਬਾਰੰਬਾਰਤਾ ਬਹੁਤ ਜ਼ਿਆਦਾ ਹੈ।