ਨਵਜੋਤ ਸਿੱਧੂ ਵੱਲੋਂ ਭਰਤੀ ਪ੍ਰਕਿਰਿਆ ਰੋਕਣ ਦੇ ਆਦੇਸ਼

261
Advertisement

ਮਾਮਲਾ ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਭਰਤੀ ਪ੍ਰਕਿਰਿਆ ‘ਚ ਸ਼ਿਕਾਇਤਾਂ ਦਾ

-ਮੁੱਖ ਵਿਜੀਲੈਂਸ ਅਧਿਕਾਰੀ ਨੂੰ ਜਾਂਚ ਦੇ ਹੁਕਮ ਦਿੱਤੇ
ਚੰਡੀਗੜ੍ਹ, 14 ਮਾਰਚ (ਵਿਸ਼ਵ ਵਾਰਤਾ)- ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਚੱਲ ਰਹੀ ਭਰਤੀ ਪ੍ਰਕਿਰਿਆ ਸਬੰਧੀ ਮਿਲੀਆਂ ਕੁੱਝ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਇਸ ਭਰਤੀ ਪ੍ਰਕਿਰਿਆ ‘ਤੇ ਤੁਰੰਤ ਰੋਕ ਲਾਉਂਦਿਆਂ ਸਾਰੇ ਮਾਮਲੇ ਦੀ ਜਾਂਚ ਮੁੱਖ ਵਿਜੀਲੈਂਸ ਅਧਿਕਾਰੀ ਨੂੰ ਸੌਂਪੀ ਹੈ। ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲਦੇ ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਭਰਤੀ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਟੈਸਟ ਲਿਆ ਗਿਆ ਸੀ ਅਤੇ ਹਾਲ ਹੀ ਵਿੱਚ ਇਸ ਦਾ ਨਤੀਜਾ ਐਲਾਨਿਆ ਸੀ। ਇਸ ਨਤੀਜੇ ਦੇ ਆਧਾਰ ‘ਤੇ ਹੀ ਇਹ ਭਰਤੀ ਕੀਤੀ ਜਾਣੀ ਸੀ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਕੋਲ ਕੁਝ ਵਿਦਿਆਰਥੀਆਂ ਦੇ ਮਾਪਿਆਂ, ਸਾਬਕਾ ਵਿਧਾਇਕਾਂ ਅਤੇ ਮੀਡੀਆ ਕਰਮੀਆਂ ਰਾਹੀਂ ਸ਼ਿਕਾਇਤਾਂ ਮਿਲੀਆਂ ਸਨ ਕਿ ਸ਼ਿਵਾਲਿਕ ਕਾਲਜ ਆਫ ਨਰਸਿੰਗ, ਨਯਾ ਨੰਗਲ ਵਿਖੇ ਚੱਲ ਰਹੀ ਭਰਤੀ, ਜਿਸ ਦਾ ਟੈਸਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਲਿਆ ਗਿਆ ਸੀ, ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਨੂੰ ਦੇਖਦਿਆਂ ਉਨ੍ਹਾਂ ਵਿਭਾਗ ਨੂੰ ਚੱਲ ਰਹੀ ਭਰਤੀ ਪ੍ਰਕਿਰਿਆ ਤੁਰੰਤ ਰੋਕਣ ਦੇ ਆਦੇਸ਼ ਦਿੰਦਿਆਂ ਸਾਰੇ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਕਰਵਾਉਣ ਦਾ ਜ਼ਿੰਮਾ ਮੁੱਖ ਵਿਜੀਲੈਂਸ ਅਧਿਕਾਰੀ ਨੂੰ ਸੌਂਪਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ. ਸਿੱਧੂ ਨੇ ਕਿਹਾ ਕਿ ਉਹ ਪ੍ਰੈਸ ਦੇ ਜ਼ਰੀਏ ਸਾਰੇ ਉਮੀਦਵਾਰਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਉਮੀਦਵਾਰਾਂ ਨੂੰ ਪੂਰਨ ਇਨਸਾਫ ਮਿਲੇਗਾ। ਉਨ੍ਹਾਂ ਕਿਹਾ ਕਿ ਯੋਗਤਾ ਦੇ ਮੱਦੇਨਜ਼ਰ ਮੈਰਿਟ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਹਰੇਕ ਉਮੀਦਵਾਰ ਨਾਲ ਨਿਆਂ ਹੋਵੇਗਾ। ਉਨ੍ਹਾਂ ਕਿਹਾ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੁੰਦੀ, ਉਦੋਂ ਤੱਕ ਸਾਰੀ ਭਰਤੀ ਪ੍ਰਕਿਰਿਆ ਉਪਰ ਰੋਕ ਰਹੇਗੀ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸਰਕਾਰੀ ਵਿਭਾਗਾਂ ਦੀ ਭਰਤੀ ਸਬੰਧੀ ਟੈਸਟ ਵੇਲੇ ਵੀ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਭਰਤੀ ਲਈ ਉਮੀਦਵਾਰਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਉਹ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਮਾਮਲੇ ਦੀ ਪੂਰੀ ਜਾਂਚ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਕਿਸੇ ਵੀ ਉਮੀਦਵਾਰ ਨੂੰ ਸ਼ੱਕ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰੇਕ ਉਮੀਦਵਾਰ ਨੂੰ ਪੂਰਾ ਇਨਸਾਫ ਮਿਲੇਗਾ।

Advertisement

LEAVE A REPLY

Please enter your comment!
Please enter your name here