ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ‘ਚ ਨਕਲ ਦਾ ਮਾਮਲਾ, ਪੁਲਿਸ ਨੇ ਗ੍ਰਿਫਤਾਰ ਕੀਤਾ ਇੱਕ ਹੋਰ ਮੁਲਜ਼ਮ; ਧੋਖਾਧੜੀ ਕਰਕੇ ਹਾਸਲ ਕੀਤਾ 12ਵਾਂ ਰੈਂਕ
ਚੰਡੀਗੜ੍ਹ 22 ਨਵੰਬਰ(ਵਿਸ਼ਵ ਵਾਰਤਾ) ਸੀਆਈਏ ਪਟਿਆਲਾ ਨੇ ਪੰਜਾਬ ਵਿੱਚ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਵਿੱਚ ਨਕਲ ਰਾਂਹੀਂ ਉੱਚ ਰੈਂਕ ਹਾਸਲ ਕਰਨ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਨੇ ਪ੍ਰੀਖਿਆ ਵਿੱਚ ਨਕਲ ਮਾਰ ਕੇ 12ਵਾਂ ਰੈਂਕ ਹਾਸਲ ਕੀਤਾ ਸੀ।
ਸੀਆਈਏ ਦੀ ਟੀਮ ਪਿਛਲੇ ਸੋਮਵਾਰ ਨੂੰ ਇਸ ਮਾਮਲੇ ਵਿੱਚ ਛਾਪੇਮਾਰੀ ਕਰਨ ਸਮੇਤ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਸੀ। ਇਸ ਦੌਰਾਨ ਜਦੋਂ ਮੁਲਜ਼ਮ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਫਿਲਹਾਲ ਮਾਮਲੇ ‘ਚ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਜਾਂਚ ਜਾਰੀ ਰੱਖਣ ਤੋਂ ਇਲਾਵਾ ਸੀਆਈਏ ਇੰਚਾਰਜ ਸਮੇਤ ਹੋਰ ਪੁਲੀਸ ਮੁਲਾਜ਼ਮ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਨ ਵਿੱਚ ਲੱਗੇ ਹੋਏ ਹਨ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਤਫ਼ਤੀਸ਼ ਪਰਤ ਦਰ ਪਰਤ ਚੱਲ ਰਹੀ ਹੈ।
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 5 ਮੁਲਜ਼ਮਾਂ ਨਵਰਾਜ ਚੌਧਰੀ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਸੋਨੂੰ ਕੁਮਾਰ, ਬਰਜਿੰਦਰ ਸਿੰਘ ਅਤੇ ਬਲਰਾਜ ਸਿੰਘ ਨੂੰ ਰਿਮਾਂਡ ਪੂਰਾ ਹੋਣ ’ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਕਈ ਪ੍ਰੀਖਿਆਰਥੀਆਂ ਨੇ ਇਮਤਿਹਾਨ ਦੌਰਾਨ ਇਲੈਕਟ੍ਰਾਨਿਕ ਯੰਤਰਾਂ ਦੀ ਵਰਤੋਂ ਕਰਕੇ ਉੱਚ ਰੈਂਕ ਹਾਸਲ ਕੀਤੇ ਸਨ। ਮਾਮਲੇ ਦੇ ਖੁਲਾਸੇ ਤੋਂ ਬਾਅਦ ਸੀ.ਆਈ.ਏ.ਪਟਿਆਲਾ ਦੀ ਟੀਮ ਲਗਾਤਾਰ ਇਸ ਠੱਗੀ ਦਾ ਪਰਦਾਫਾਸ਼ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਲੱਗੀ ਹੋਈ ਹੈ।