ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,1ਜੂਨ(ਵਿਸ਼ਵ ਵਾਰਤਾ)- ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ ਆਪਣੇ 4 ਦਿਨਾਂ ਦੌਰੇ ਦੌਰਾਨ ਅੱਜ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਸਰਹੱਦੀ ਵਿਵਾਦ ‘ਤੇ ਵੀ ਚਰਚਾ ਹੋ ਸਕਦੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਲੰਚ ਦਾ ਆਯੋਜਨ ਵੀ ਕੀਤਾ ਜਾਵੇਗਾ। ਦੌਰੇ ਦੌਰਾਨ ਪ੍ਰਚੰਡ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦਈਏ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਪ੍ਰਚੰਡ ਦੀ ਇਹ ਚੌਥੀ ਭਾਰਤ ਯਾਤਰਾ ਹੈ। ਉਹ ਬੁੱਧਵਾਰ ਦੁਪਹਿਰ ਕਰੀਬ 3 ਵਜੇ ਭਾਰਤ ਪਹੁੰਚੇ। ਇੱਥੇ ਉਨ੍ਹਾਂ ਦਾ ਸਵਾਗਤ ਭਾਰਤ ਦੀ ਸੱਭਿਆਚਾਰਕ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕੀਤਾ। ਪ੍ਰਚੰਡ ਨਵੀਂ ਦਿੱਲੀ ਵਿੱਚ ਨੇਪਾਲ-ਭਾਰਤ ਵਪਾਰ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ।