ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਗਰ ਕੀਰਤਨ ਕੱਲ੍ਹ
ਮਹਾਨ ਗੁਰਮਤਿ ਸਮਾਗਮ, ਕਵੀ ਦਰਬਾਰ ਤੋਂ ਇਲਾਵਾ ਸਜਣਗੇ ਦੀਵਾਨ
ਪਟਿਆਲਾ, 25 ਨਵੰਬਰ (ਵਿਸ਼ਵ ਵਾਰਤਾ)ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਅੱਜ ਮੁਕੰਮਲ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਇਕੱਤਰਤਾ ਕੀਤੀ ਗਈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ ਆਦਿ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 26 ਨਵੰਬਰ ਨੂੰ ਸਵੇਰੇ 11.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇਰ ਰਾਤ ਨੂੰ ਹੋਵੇਗੀ ਅਤੇ 27 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਵੀ, ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪ੍ਰਸਿੱਧ ਕਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮਹਾਨ ਗੁਰਮਤਿ ਸਮਾਗਮ 28 ਨਵੰਬਰ ਨੂੰ ਹੋਵੇਗਾ ਅਤੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ 26 ਨਵੰਬਰ ਨੂੰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 28 ਨਵੰਬਰ ਵਾਲੇ ਦਿਨ ਮਹਾਨ ਗੁਰਮਤਿ ਸਮਾਗਮ ਵਿਚ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਕੀਰਤਨੀ ਜਥਿਆਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੀ ਪੁੱਜ ਰਹੇ ਹਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਗੁਰੂ ਘਰ ਵਿਚ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਵਿਚ ਪੁੱਜ ਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਜਾ ਰਹੀ ਹੈ ਅਤੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਹਰਵਿੰਦਰ ਸਿੰਘ ਕਾਹਲਵਾਂ, ਸੁਰਬਜੀਤ ਸਿੰਘ ਤੋਂ ਇਲਾਵਾ ਪ੍ਰਬੰਧਕੀ ਸਟਾਫ ਵੀ ਮੌਜੂਦ ਸੀ।
ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਪ੍ਰਬੰਧਕਾਂ ਨਾਲ ਸਮਾਗਮ ਸਬੰਧੀ ਇਕੱਤਰਤਾ ਕਰਦੇ ਹੋਏ।