ਪੀਬੀ-ਪੀਗਰਾਮਸ ਪੋਰਟਲ ਰਾਹੀਂ ਸਮੇਂ ਸਿਰ 500 ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਜਲੰਧਰ ਨੇ ਸੂਬੇ ਭਰ ’ਚ ਹਾਸਿਲ ਕੀਤੀ ਪਹਿਲੀ ਪੁਜੀਸ਼ਨ- ਡਿਪਟੀ ਕਮਿਸ਼ਨਰ
ਜਲੰਧਰ ,26 ਮਾਰਚ (ਅਸ਼ਵਨੀ ਠਾਕੁਰ) – ਇਕ ਹੋਰ ਕਾਮਯਾਬੀ ਨੂੰ ਆਪਣੇ ਨਾਮ ਕਰਦਿਆਂ ਜ਼ਿਲ੍ਹਾ ਜਲੰਧਰ ਵਲੋਂ ਆਨਲਾਈਨ ਜ਼ਰੀਏ www.connect.punjab.gov.in ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੀਬੀ-ਪੀਗਰਾਮਸ ਪੋਰਟਲ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ’ਤੇ ਜ਼ਿਲ੍ਹੇ ਦੇ ਲੋਕਾਂ ਵਲੋਂ 536 ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ ਜਿਨਾਂ ਵਿਚੋਂ 500 ਸ਼ਿਕਾਇਤਾਂ ਦਾ ਸਬੰਧਿਤ ਅਥਾਰਟੀਆਂ ਵਲੋਂ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਸ਼ਚਿਤ ਸਮੇਂ ਤਹਿਤ ਪੋਰਟਲ ’ਤੇ ਹੁਣ ਕੋਈ ਸ਼ਿਕਾਇਤ ਬਕਾਇਆ ਨਹੀਂ ਹੈ ਅਤੇ ਪੋਰਟਲ ਵਲੋਂ ਜਲੰਧਰ ਦੀ ਪੈਂਡੇਂਸੀ ਜ਼ੀਰੋ ਦਿਖਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਰਟਲ ਦਾ ਮੁੱਖ ਮੰਤਵ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਇਕੋ ਤਰ੍ਹਾਂ ਦਾ ਡਿਜੀਟਲ ਮੰਚ ਮੁਹੱਈਆ ਕਰਵਾ ਕੇ ਦਰਜ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਪ੍ਰਣਾਲੀ ’ਤੇ ਦਰਜ਼ ਸ਼ਿਕਾਇਤ ਦਾ 7 ਦਿਨਾਂ ਦੇ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਇਸ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਉਣ ਵਿੱਚ ਸਹਾਇਤਾ ਕਰਨ ਲਈ ਸੇਵਾ ਕੇਂਦਰਾ ਵਿਖੇ ਸ਼ਿਕਾਇਤ ਦਰਜ ਕਰਨ ਲਈ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਿੱਧੇ ਤੌਰ ’ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਜਾਂ ਨੇੜਲੇ ਸੇਵਾ ਕੇਂਦਰਾਂ ’ਤੇ ਵੀ ਸਬੰਧਿਤ ਦਸਤਾਵੇਜਾਂ ਨਾਲ ਲੈ ਕੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਲੋਂ ਸ਼ਿਕਾਇਤ ਦਰਜ਼ ਕਰਵਾਉਣ ਲਈ ਸਹਾਇਤਾ ਬਦਲੇ 10 ਰੁਪਏ ਫੀਸ ਲਈ ਜਾਂਦੀ ਹੈ। ਸ੍ਰੀ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਆਪਣੇ ਮਸਲਿਆਂ ਦੇ ਸਮੇਂ ਸਿਰ ਹੱਲ ਲਈ ਸ਼ਿਕਾਇਤ ਨਿਵਾਰਣ ਦੀ ਇਸ ਵਿਧੀ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਇਸ ਪੋਰਟਲ ’ਤੇ ਨਾਗਰਿਕਾਂ ਵਲੋਂ ਕੀਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਦੀਆਂ ਪਹਿਲਾਂ ਹੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਡਿਜੀਟਲ ਵਿਧੀ ਰਾਹੀਂ ਜਲਦ ਤੋਂ ਜਲਦ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਇਸ ਪੋਰਟਲ ਨੂੰ ਜਲੰਧਰ ਵਿਖੇ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਦਿਖਾਈ ਗਈ ਲਗਨ ਅਤੇ ਕੀਤੇ ਗਏ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਵਿੱਖ ਵਿੱਚ ਵੀ ਇਸੀ ਭਾਵਨਾ ਤੇ ਉਤਸ਼ਾਹ ਅਤੇ ਜੋਸ਼ ਨਾਲ ਲੋਕ ਭਲਾਈ ਦੇ ਜਜ਼ਬੇ ਤਹਿਤ ਜ਼ਿਲ੍ਹਾ ਵਾਸੀਆਂ ਦੀ ਸੇਵਾ ਨੂੰ ਜਾਰੀ ਰੱਖਿਆ ਜਾਵੇ।