ਪੁਲਿਸ ਨੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ
ਨਵਾਂਸ਼ਹਿਰ, 24 ਮਾਰਚ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿਚ ਬਗੈਰ ਮਾਸਕ ਘੁੰਮ ਰਹੇ 65 ਵਿਅਕਤੀਆਂ ਦੇ ਅੱਜ ਚਲਾਨ ਕੱਟੇ ਗਏ ਹਨ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਸਪੀਕਰਾਂ ਰਾਹੀਂ ਅਨਾਊਸਮੈਂਟ ਕਰਵਾ ਕੇ ਲੋਕਾਂ ਨੂੰ ਮਾਸਕ ਲਗਾਉਣ ਅਤੇ ਇਸ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਉਨਾਂ ਦੱਸਿਆ ਕਿ ਅੱਜ ਟ੍ਰੈਫਿਕ ਸਟਾਫ ਰਾਹੋਂ ਦੇ ਇੰਚਾਰਜ ਏ. ਐਸ. ਆਈ ਗੁਰਮੇਲ ਸਿੰਘ ਵੱਲੋਂ ਜਾਡਲਾ ਟੀ-ਪੁਆਇੰਟ ਰਾਹੋਂ ਵਿਖੇ ਬਿਨਾਂ ਮਾਸਕ ਤੋਂ ਘੁੰਮ ਰਹੇ ਵਿਅਕਤੀਆਂ ਨੂੰ ਮੁਫ਼ਤ ਮਾਸਕ ਵੀ ਵੰਡੇ ਗਏ ਅਤੇ ਮਾਸਕ ਲਗਾ ਕੇ ਹੀ ਘਰਾਂ ਤੋਂ ਬਾਹਰ ਆਉਣ ਦੀ ਹਦਾਇਤ ਕੀਤੀ ਗਈ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੁਲਿਸ ਨੂੰ ਪੂਰੀ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜ਼ਿਲੇ ਵਿਚ ਜੋ ਵੀ ਵਿਅਕਤੀ ਬਗੈਰ ਮਾਸਕ ਤੋਂ ਘੁੰਮਦਾ ਵੇਖਿਆ ਗਿਆ, ਉਸ ਦਾ ਮੌਕੇ ’ਤੇ ਹੀ ਕੋਵਿਡ ਟੈਸਟ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵੀ ਕੀਤਾ ਜਾਵੇਗਾ।