ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲੈ ਕੇ ਜਾਣ ਦਾ ਮਾਮਲਾ

72
Advertisement

ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲੈ ਕੇ ਜਾਣ ਦਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਬ-ਕਮੇਟੀ ਦਾ ਗਠਨ

ਚੰਡੀਗੜ੍ਹ,1ਮਾਰਚ(ਵਿਸ਼ਵ ਵਾਰਤਾ)-ਬੀਤੇ ਦਿਨੀਂ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਰੋਸ ਪ੍ਰਦਰਸ਼ਨਾਂ, ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੇ ਰੁਝਾਨ ਸਬੰਧੀ ਕੋਈ ਯੋਗ ਨਿਰਣਾ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ‘ਤੇ ਆਧਾਰਿਤ ਸਬ-ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਦੇ ਅੰਦਰ ਆਪਣੀ ਸਾਂਝੀ ਰਾਇ ਅਨੁਸਾਰ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇਗੀ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਸਾਬਕਾ ਫੈਡਰੇਸ਼ਨ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ ਦੇ ਮੈਂਬਰ ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਬਣਾਇਆ ਗਿਆ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੋਂ ਜਾਰੀ ਕੀਤੇ ਪੱਤਰ ਅਨੁਸਾਰ ਸਬ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨਾਂ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਹਰਨਾਲ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ ਪੱਤਰਕਾਰ ਅਤੇ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬ ਕਮੇਟੀ ਵਲੋਂ ਗੁਰਬਾਣੀ, ਸਿਧਾਂਤ, ਇਤਿਹਾਸ, ਮਰਿਆਦਾ ਅਤੇ ਪਰੰਪਰਾ ਦੀ ਰੌਸ਼ਨੀ ਵਿਚ ਧਰਨਿਆਂ, ਮੁਜ਼ਾਹਰਿਆਂ ਅਤੇ ਕਬਜ਼ਿਆਂ ਵਾਲੇ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੇ ਵੱਧ ਰਹੇ ਰੁਝਾਨ ਸਬੰਧੀ ਰਾਇ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ। 

Advertisement