ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿਚ ਧਾਰਾ 144 ਲਾਗੂ
ਨਵਾਂਸ਼ਹਿਰ, 1 ਅਕਤੂਬਰ (ਵਿਸ਼ਵ ਵਾਰਤਾ):-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿਚ (ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰਵੀਂ ਸ਼ੇ੍ਰਣੀ) ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 3 ਅਕਤੂਬਰ 2021 ਨੂੰ ਬਾਅਦ ਦੁਪਹਿਰ 2.30 ਵਜੇ ਤੋਂ 4.30 ਵਜੇ ਤੱਕ ਜ਼ਿਲਾ ਪੱਧਰ ’ਤੇ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਕਲ ਰਹਿਤ ਕਰਵਾਉਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਸੀ. ਆਰ. ਪੀ. ਸੀ ਤਹਿਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਨਕਲ ’ਤੇ ਰੋਕ ਲਗਾਈ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਨੂੰ ਧਿਆਨ ਰੱਖਦਿਆਂ ਜ਼ਿਲਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਸ ਦਾਖ਼ਲਾ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਐਸ. ਬੀ. ਐਸ. ਨਗਰ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ। ਇਹ ਹੁਕਮ ਮਿਤੀ 3 ਅਕਤੂਬਰ 2021 ਨੂੰ ਕੇਵਲ ਇਕ ਦਿਨ ਲਈ ਲਾਗੂ ਰਹੇਗਾ।