ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ: ਸੁਖਬੀਰ ਸਿੰਘ ਬਾਦਲ ਨੇ ਸ਼ੇਖਾਵਤ ਨੂੰ ਆਖਿਆ
ਨਕੋਦਰ, 21 ਫਰਵਰੀ(ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਇੰਚਾਰਜ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਆਖਿਆ ਕਿ ਉਹ 9 ਬੰਦੀ ਸਿੰਘਾਂ ਵਿਚੋਂ 6 ਨੂੰ ਰਿਹਾਅ ਕਰਨ ਅਤੇ ਕੇਂਦਰ ਸਰਕਾਰ ਕੋਲ ਕੋਈ ਵੀ ਕੇਸ ਪੈਂਡਿੰਗ ਨਾ ਹੋਣ ਵਾਲੇ ਆਪਣੇ ਬਿਆਨ ਨਾਲ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਨਾ ਕਰਨ ਅਤੇ ਕਿਹਾ ਕਿ ਦੋਵੇਂ ਦਾਅਵੇ ਝੂਠੇ ਹਨ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਮੰਤਰੀ ਨੇ ਇਹ ਵੀ ਝੂਠ ਬੋਲਿਆ ਹੈ ਕਿ ਕੇਂਦਰ ਸਰਕਾਰ ਕੋਲ ਸਿਵਾਏ 9 ਬੰਦੀ ਸਿੰਘਾਂ ਦੇ ਹੋਰ ਕੋਈ ਸੂਚੀ ਨਹੀਂ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਸ੍ਰੀ ਸ਼ੇਖਾਵਤ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ 22 ਬੰਦੀ ਸਿੰਘਾਂ ਦੀ ਸੂਚੀ ਸੌਂਪੀ ਗਈ ਸੀ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ 22 ਬੰਦੀ ਸਿੰਘਾਂ ਦੀ ਰਿਹਾਈ ਦੇ ਕੇਸ ਦੀ ਪੈਰਵੀ ਕਰ ਰਹੀ ਹੈ। ਉਹਨਾਂ ਕਿਹਾ ਕਿ ਮੰਤਰੀ ਦੇ ਬਿਆਨ ਨਾਲ ਉਹਨਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ ਜੋ ਰੋਜ਼ ਬੰਦੀ ਸਿੰਘਾਂ ਦੀਰਿਹਾਈ ਵਾਸਤੇ ਅਰਦਾਸ ਕਰਦੇ ਹਨ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਉਹਨਾਂ ਨੇ ਸ੍ਰੀ ਸ਼ੇਖਾਵਤ ਨੂੰ ਆਖਿਆਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਦੀ ਸਥਿਤੀ ਸਪਸ਼ਟ ਕਰਨ ਕਿਉਂਕਿ ਕੇਂਦਰ ਸਰਕਾਰ ਨੇ 2019 ਵਿਚ ਉਹਨਾਂ ਦੀ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਇਸ ’ਤੇ ਹਾਲੇ ਤੱਕ ਅਮਲ ਨਹੀਂ ਹੋਇਆ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਪ੍ਰੇਸ਼ਾਨੀ ਵਾਲੀ ਗੱਲ ਹੈ ਕਿ ਗ੍ਰਹਿ ਮੰਤਰਾਲੇ ਨੇ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੰਤਿਮ ਫੈਸਲਾ ਲੈਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਉਲਟ ਰਿਪੋਰਟ ਦਾਇਰ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਰੋਕ ਦਿੱਤੀ ਹੈ। ਉਹਨਾਂ ਕਿਹਾ ਕਿ ਜੇਕਰ ਤਾਮਿਲਨਾਡੂ ਸਰਕਾਰ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀਆਂ ਨੂੰ ਰਿਹਾਅ ਕਰ ਸਕਦੀ ਹੈ ਤਾਂ ਫਿਰ ਕੇਂਦਰ ਸਰਕਾਰ, ਦਿੱਲੀ ਸਟੇਟ ਤੇਹੋਰ ਰਾਜ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕਰ ਸਕਦੇ ?
ਰਾਜ ਵਿਚ ਕਾਨੂੰਨ ਵਿਵਸਥਾ ਦੇ ਹਾਲ ਬਾਰੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ਦਾ ਰਾਜ ਹੈ ਜਿਸ ਕਾਰਨ ਇੰਡਸਟਰੀ ਇਥੋਂ ਭੱਜ ਰਹੀਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਕੋਈ ਨਵਾਂ ਨਿਵੇਸ਼ ਨਹੀਂ ਆ ਰਿਹਾ ਤੇ ਲੋਕ ਦਹਿਸ਼ਤ ਦੇ ਸਾਏ ਵਿਚ ਜੀਅ ਰਹੇ ਹਨ।
ਉਹਨਾਂ ਨੇ ਆਲੂ ਉਤਪਾਦਕਾਂ ਦੇ ਹਾਲ ਦਾ ਜ਼ਿਕਰ ਵੀ ਕੀਤਾ ਤੇ ਅਫਸੋਸ ਪ੍ਰਗਟ ਕੀਤਾ ਕਿ ਇਸ ਸਾਲ ਹੋਰਨਾਂ ਰਾਜਾਂ ਤੋਂ ਵਪਾਰੀ ਆਲੂ ਖਰੀਦਣ ਨਹੀਂ ਆਏ ਜਿਸ ਕਾਰਨ ਆਲੂ ਦੇ ਭਾਅ ਵਿਚ ਭਾਰੀ ਗਿਰਾਵਟ ਆਈ ਹੇ। ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਰਕਾਰੀ ਏਜੰਸੀਆਂ ਨੂੰ ਦੋਆਬਾ ਦੇ ਕਿਸਾਨਾਂ ਦੇ ਆਲੂ ਤੇ ਗੋਭੀ ਖਰੀਦਣ ਦੇ ਹੁਕਮ ਜਾਰੀ ਕਰਨ ਤਾਂ ਜੋ ਉਹਨਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ।
ਅਕਾਲੀ ਦਲ ਦੇ ਪ੍ਰਧਾਨ ਨੇ ਫਿਰੋਜ਼ਪੁਰ, ਪਾਸਲਾ (ਫਿਲੌਰ੍ਵ ਅਤੇ ਸਮਾਣਾ ਘਟਨਾਵਾਂ ’ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਅਜਿਹੇ ਅਪਰਾਧਾਂ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ ਪਰ ਮੁੱਖ ਮੰਤਰੀ ਇਹਨਾਂ ਮਾਮਲਿਆਂ ਵਿਚ ਪ੍ਰਤੀਕਰਮ ਦੇ ਕੇ ਨਿਆਂ ਮਿਲਣਾ ਯਕੀਨੀ ਨਹੀਂ ਬਣਾ ਪਾ ਰਹੇ।
ਸਰਦਾਰ ਬਾਦਲ ਨੇ ਸ੍ਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਦਿੱਲੀ ਟੀਮ ਅੱਗੇ ਸਰੰਡਰ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਸਮੇਤ ਅਹਿਮ ਅਹੁਦਿਆਂ ’ਤੇ ਗੈਰ ਪੰਜਾਬੀਆਂ ਦੀ ਨਿਯੁਕਤੀ ’ਤੇ ਸਵਾਲ ਚੁੱਕਿਆ। ਉਹਨਾਂ ਨੇ ਰੇਰਾ ਦਾ ਜ਼ਿਕਰ ਵੀ ਕੀਤਾ ਜਿਸ ’ਤੇ ਦਿੱਲੀ ਤੋਂ ਕੇਜਰੀਵਾਲ ਦੇ ਸਹਿਯੋਗੀ ਮੁਖੀ ਨਿਯੁਕਤ ਕੀਤੇ ਗਏ ਹਨ ਅਤੇ ਪੰਜਾਬ ਦੇ ਸਾਰੇ ਮੰਤਰੀਆਂ ਨਾਲ ਪ੍ਰਾਈਵੇਟ ਵਿਅਕਤੀ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਨਕੋਦਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਥ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ’ਤੇ ਵਿਸ਼ਵਾਸ ਕਰਨ ਅਤੇ ਵਾਅਦਾ ਕੀਤਾ ਕਿ ਉਹ ਉਹਨਾਂ ਦੀਆਂ ਲੋੜਾਂ ਦਾ ਖਿਆਲ ਰੱਖਣਗੇ ਤੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣਗੇ ਜਿਥੋਂ ਪਿਛਲੇ ਛੇ ਸਾਲਾਂ ਵਿਚ ਗੱਡੀ ਪਟੜੀ ਤੋਂ ਲੱਥ ਚੁੱਕੀ ਹੈ।
ਇਸ ਮੌਕੇ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਵਿੰਨਰਜੀਤ ਸਿੰਘ ਗੋਲਡੀ, ਗੁਲਜ਼ਾਰੀ ਮੂਣਕ ਅਤੇ ਸਤਨਾਮ ਸਿੰਘ ਰਾਹੀ ਵੀ ਸਰਦਾਰ ਬਾਦਲ ਦੇ ਨਾਲ ਸਨ।