ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ : ਰਜ਼ੀਆ ਸੁਲਤਾਨਾ

114
Advertisement

ਐਸ.ਏ.ਐਸ. ਨਗਰ, 23 ਮਾਰਚ (ਵਿਸ਼ਵ ਵਾਰਤਾ)-  ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਸੂਬਾ ਵਾਸੀਆਂ ਨਾਲ ਕੀਤੇ ਗਏ ਹਨ, ਉਹ ਹਰ ਹਾਲ ਪੂਰੇ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਸਮਾਜਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਯੁਵਾ ਸਸ਼ਕਤੀਕਰਨ ਦਿਵਸ ਸਬੰਧੀ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਵਿੱਚ ਜ਼ਿਲ੍ਹੇ ਦੇ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫ਼ਸਰਜ਼ (ਡੈਪੋ) ਨੂੰ ਖਟਕੜ ਕਲਾਂ ਵਿਖੇ ਕਰਵਾਏ ਰਾਜ ਪੱਧਰੀ ਯੁਵਾ ਸਸ਼ਕਤੀਕਰਨ ਦਿਵਸ ਸਮਾਗਮ ਦੇ ਸਿੱਧੇ ਪ੍ਰਸਾਰਨ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਾਈ ਗਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਹੁਣ ਤੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਹੁਣ ਤੋਂ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾਵੇਗਾ ਤੇ ਸੂਬੇ ਭਰ ਵਿੱਚ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੈਪੋ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਗਿਆ ਸੀ ਤੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਦਿਆਂ ਹੁਣ ਡੈਪੋ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਸਦਕਾ ਆਮ ਲੋਕ ਵੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਯੋਗਦਾਨ ਪਾ ਸਕਣਗੇ ਤੇ ਹੁਣ ਇਹ ਲੜਾਈ ਕੇਵਲ ਸਰਕਾਰ ਦੀ ਲੜਾਈ ਨਾ ਰਹਿ ਕੇ ਸਮਾਜ ਦੀ ਸਾਂਝੀ ਲੜਾਈ ਬਣ ਗਈ ਹੈ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਜ਼ਰੂਰੀ ਹੈ ਤਾਂ ਹੀ ਉਹ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਡੈਪੋ ਬਣਨ ਦਾ ਸ਼ਨਾਖ਼ਤੀ ਕਾਰਡ ਵੀ ਸੌਂਪਿਆ।

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਕਾਰਨ ਅੱਜ ਕੱਲ੍ਹ ਹਰ ਮਾਂ ਪਿਓ ਚਿੰਤਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਸ ਸਿਰਫ਼ ਪ੍ਰਸ਼ਾਸਨ ‘ਤੇ ਰੱਖੀ ਜਾਂਦੀ ਹੈ ਪਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੇ ਸਮਾਜ ਦੀ ਸ਼ਮੂਲੀਅਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡੈਪੋ ਮੁਹਿੰਮ ਦੀ ਸ਼ੁਰੂਆਤ ਕਰ ਕੇ ਸਰਕਾਰ ਨੇ ਨਵੀਂ ਪਹਿਲਕਦਮੀ ਕੀਤੀ ਗਈ ਹੈ ਤੇ ਹਰ ਵਿਦਿਅਕ ਸੰਸਥਾ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਲਾਉਣੇ ਜ਼ਰੂਰੀ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਹੜੇ ਅੱਗੇ ਵੀ ਜਾਰੀ ਰਹਿਣਗੇ।

ਸਮਾਗਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਡੈਪੋ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸਾਰੇ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਿਆਂਦੀ ਜਾਵੇਗੀ। ਸਮਾਜ ਦੇ ਉਨ੍ਹਾਂ ਹਿੱਸਿਆਂ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ, ਜਿਨ੍ਹਾਂ ਦੀ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਵੱਧ ਰਹਿੰਦੀ ਹੈ। ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡੈਪੋ ਰਜਿਸਟਰੇਸ਼ਨ ਸਬੰਧੀ ਸਾਂਝ ਕੇਂਦਰ ਵੱਲੋਂ ਹੈੱਲਪ ਡੈੱਸਕ ਵੀ ਲਾਇਆ ਗਿਆ ਸੀ ਤੇ ਨਵੇਂ ਡੈਪੋ ਰਜਿਸਟਰ ਕੀਤੇ ਗਏ। ਸਮਾਗਮ ਦੇ ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰਘ ਮਾਨ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ, ਐਸ.ਡੀ.ਐਮ. ਮੋਹਾਲੀ ਡਾ. ਆਰ.ਪੀ. ਸਿੰਘ ਸਹਾਇਕ ਕਮਿਸ਼ਨਰ ਜਨਰਲ ਸ. ਜਸਵੀਰ ਸਿੰਘ, ਐਸ.ਪੀ. ਇੰਡਸਟਰੀਅਲ ਸਕਿਉਰਿਟੀ ਸ੍ਰੀ ਅਖਿਲ ਚੌਧਰੀ (ਆਈ.ਪੀ.ਐਸ), ਐਸ.ਪੀ. (ਹੈੱਡ) ਗੁਰਸੇਵਕ ਸਿੰਘ ਬਰਾੜ, ਐਸ.ਪੀ. ਸਿਟੀ ਜਗਜੀਤ ਸਿੰਘ ਜੱਲ੍ਹਾ, ਮੁੱਖ ਖੇਤੀਬਾੜੀ ਅਫ਼ਸਰ ਪਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਡੀ.ਕੇ.ਸਾਲਦੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਅੰਮ੍ਰਿਤ ਬਾਲਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਰਮਜੀਤ ਸਿੰਘ ਕੌਰੇ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੂਪਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਬਲਵਿੰਦਰ ਪਾਲ ਸਿੰਘ, ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾ ਸਮੇਤ ਸਿਵਲ, ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ , ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਯੂਥ ਕਲੱਬਾਂ ਦੇ ਅਹੁਦੇਦਾਰ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿੱਚ ਪੈਂਦੀਆਂ ਸਬ ਡਿਵੀਜ਼ਨਾਂ ਖਰੜ ਤੇ ਡੇਰਾਬੱਸੀ ਵਿਖੇ ਵੀ ਸਬ ਡਿਵੀਜ਼ਨ ਪੱਧਰ ਦੇ ਯੁਵਾ ਸਸ਼ਕਤੀਕਰਨ ਦਿਵਸ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਪੈਂਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵੀ ਯੁਵਾ ਸਸ਼ਕਤੀਕਰਨ ਦਿਵਸ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਈ ਗਈ।

ਫੋਟੋ ਕੈਪਸ਼ਨ: ਐਸ.ਏ.ਐਸ. ਨਗਰ ਵਿਖੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਯੁਵਾ ਸਸ਼ਕਤੀਕਰਨ ਦਿਵਸ ਮੌੇਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਲੋਕ ਨਿਰਮਾਣ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਡੈਪੋ ਬਣਨ ‘ਤੇ ਸ਼ਨਾਖ਼ਤੀ ਕਾਰਡ ਸੌਂਪਦੇ ਹੋਏ, ਉਨ੍ਹਾਂ ਨਾਲ ਸਥਾਨਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਵੀ ਦਿਖਾਈ ਦੇ ਰਹੇ ਹਨ।

ਐਸ.ਏ.ਐਸ. ਨਗਰ ਵਿਖੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਯੁਵਾ ਸਸ਼ਕਤੀਕਰਨ ਦਿਵਸ ਮੌੇਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ। ਉਨ੍ਹਾਂ ਨਾਲ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵੀ ਦਿਖਾਈ ਦੇ ਰਹੇ ਹਨ।

ਐਸ.ਏ.ਐਸ. ਨਗਰ ਵਿਖੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਯੁਵਾ ਸਸ਼ਕਤੀਕਰਨ ਦਿਵਸ ਮੌੇਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲੋਕ ਨਿਰਮਾਣ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਸਮੇਤ ਨਸ਼ਿਆਂ ਵਿਰੁੱਧ ਸਹੁੰ ਚੁੱਕਦੇ ਜ਼ਿਲ੍ਹੇ ਦੇ ਡੈਪੋ।

Advertisement

LEAVE A REPLY

Please enter your comment!
Please enter your name here