ਪੰਜਾਬ ਤੇ ਹਰਿਆਣਾ ਵਿੱਚ ਬਦਲਿਆ ਮੌਸਮ- ਕਈ ਥਾਵਾਂ ‘ਤੇ ਮੀਂਹ ਅਤੇ ਗੜੇਮਾਰੀ
ਚੰਡੀਗੜ੍ਹ,1ਫਰਵਰੀ(ਵਿਸ਼ਵ ਵਾਰਤਾ)- ਸੂਬੇ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਕਈ ਥਾਵਾਂ ਤੇ ਗੜੇਮਾਰੀ ਵੀ ਹੋਈ ਹੈ। ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਕਈ ਥਾਵਾਂ ਤੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਸੂਬੇ ਦੇ ਮੋਹਾਲੀ ਜ਼ਿਲ੍ਹ੍ ਵਿੱਚ ਸਵੇਰੇ 7:30 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਹੈ। ਜਿਕਰਯੋਗ ਹੈ ਕਿ ਇਸ ਸਾਲ ਪੰਜਾਬ ‘ਚ ਦਸੰਬਰ ਦੇ ਅੱਧ ਤੋਂ ਬਾਅਦ ਮੀਂਹ ਨਹੀਂ ਪਿਆ ਪਰ ਫਰਵਰੀ ਦੇ ਪਹਿਲੇ ਦਿਨ ਹੀ ਭਾਰੀ ਮੀਂਹ ਪਿਆ। ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਵੀ ਕਈ ਥਾਵਾਂ ‘ਤੇ ਮੀਂਹ ਪਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਭਾਰੀ ਗੜੇਮਾਰੀ ਹੋਈ ਹੈ।
ਇਸ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ਵਿੱਚ ਹਲਕੀ ਬਾਰਿਸ਼ ਹੋਈ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ‘ਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।