ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ
ਪਾਣੀ ‘ਚ ਡੁੱਬੇ ਪਿੰਡਾਂ ‘ਚ NDRF ਦੀਆਂ ਟੀਮਾਂ ਮੌਜੂਦ, ਬਚਾਅ ਕਾਰਜ ਜਾਰੀ
ਚੰਡੀਗੜ੍ਹ,17ਅਗਸਤ(ਵਿਸ਼ਵ ਵਾਰਤਾ)-ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਨੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਰਹੇ ਪਾਣੀ ਦੇ ਪੱਧਰ ਨੂੰ ਹੇਠਾਂ ਲਿਆਉਣ ਲਈ ਫਲੱਡ ਗੇਟ ਅਗਲੇ ਚਾਰ ਦਿਨਾਂ ਲਈ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਜਿਸ ਤੋਂ ਬਾਅਦ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਐਨਡੀਆਰਐਫ ਦੀਆਂ ਟੀਮਾਂ ਨੇ ਇਸ ਦੌਰਾਨ ਚਾਰਜ ਸੰਭਾਲ ਲਿਆ ਅਤੇ 25 ਤੋਂ ਵੱਧ ਲੋਕਾਂ ਅਤੇ 30 ਦੇ ਕਰੀਬ ਪਾਲਤੂ ਜਾਨਵਰਾਂ ਨੂੰ ਬਚਾਇਆ। ਇਸ ਦੌਰਾਨ ਪਿੰਡ ਦੇ ਗੁਰੂਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਸਤਿਕਾਰ ਸਹਿਤ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ। ਅੰਮ੍ਰਿਤਸਰ ‘ਚ ਬਿਆਸ ਦਰਿਆ 744 ਗੇਜ ਦੇ ਖਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ, ਜਦਕਿ ਬਿਆਸ ਦਰਿਆ ‘ਚ ਪਾਣੀ ਦਾ ਵਹਾਅ 1.40 ਲੱਖ ਕਿਊਸਿਕ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਅੰਮ੍ਰਿਤਸਰ ਤੋਂ ਇਲਾਵਾ ਬਿਆਸ ਦਾ ਅਸਰ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਜਿਸ ਕਾਰਨ 15 ਹਜ਼ਾਰ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ।