ਪੰਜਾਬ ਵਿੱਚ ਜਲਦ ਹੋਣਗੀਆਂ ਪੰਚਾਇਤੀ ਚੋਣਾਂ
ਪੜ੍ਹੋ, ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹੜੇ ਹੁਕਮ ਕੀਤੇ ਜਾਰੀ
ਚੰਡੀਗੜ੍ਹ, 11 ਦਸੰਬਰ(ਵਿਸ਼ਵ ਵਾਰਤਾ)ਪੰਜਾਬ ਵਿੱਚ ਜਲਦ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਇਸ ਦੇ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਜਾਬ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਰਾਜ ਚੋਣ ਕਮਿਸ਼ਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 7 ਜਨਵਰੀ ਤੱਕ ਵੋਟਰ ਸੂਚੀ ਨੂੰ ਅੰਤਿਮ ਰੂਪ ਦੇਣ ਦੇ ਹੁਕਮ ਦਿੱਤੇ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਚੋਣ ਕਮਿਸ਼ਨ ਕਿਸੇ ਵੀ ਤਰ੍ਹਾਂ ਦੀ ਦੇਰੀ ਕਰਨ ਦੀ ਬਜਾਏ ਚੋਣਾਂ ਦੀ ਤਿਆਰੀ ਸ਼ੁਰੂ ਕਰਨ ਜਾ ਰਿਹਾ ਹੈ ਅਤੇ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਸਕਦਾ ਹੈ।
ਪੰਜਾਬ ਵਿੱਚ ਪੰਚਾਇਤਾਂ ਦੀ ਗਿਣਤੀ 13 ਹਜ਼ਾਰ 268 ਦੇ ਕਰੀਬ ਹੈ। ਜਿਨ੍ਹਾਂ ਦੀਆਂ ਚੋਣਾਂ 5 ਸਾਲ ਪਹਿਲਾਂ ਜਨਵਰੀ ਮਹੀਨੇ ਵਿੱਚ ਹੋਈਆਂ ਸਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਨੂੰ ਜਾਰੀ ਹੁਕਮਾਂ ਅਨੁਸਾਰ 11 ਦਸੰਬਰ ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨੀਆਂ ਜ਼ਰੂਰੀ ਹਨ। ਵੋਟਰ ਸੂਚੀਆਂ ਤਿਆਰ ਕਰਨ ਤੋਂ ਬਾਅਦ ਇਨ੍ਹਾਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ ਅਤੇ ਇਨ੍ਹਾਂ ਡਰਾਫਟ ਨੋਟੀਫਿਕੇਸ਼ਨਾਂ ‘ਤੇ ਇਤਰਾਜ਼ਾਂ ਅਤੇ ਦਾਅਵਿਆਂ ਨੂੰ 5 ਜਨਵਰੀ ਤੱਕ ਅੰਤਿਮ ਰੂਪ ਦਿੱਤਾ ਜਾਣਾ ਹੈ। ਇਸ ਤੋਂ ਬਾਅਦ 7 ਜਨਵਰੀ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।