ਪੰਜਾਬ ਵਿੱਚ ਫਿਰ ਰਾਜਪਾਲ Vs ਮੁੱਖ ਮੰਤਰੀ
ਹੁਣ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮਾਮਲੇ ਤੇ ਬੋਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਐਕਸ਼ਨ ਲੈਣ ਲਈ ਕਿਹਾ
7-8 ਜੂਨ ਨੂੰ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ ਰਾਜਪਾਲ ਪੁਰੋਹਿਤ
ਚੰਡੀਗੜ੍ਹ,1ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ। ਦੋਸ਼ੀ ਮੰਤਰੀ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੋਸ਼ੀ ਮੰਤਰੀ ਦੇ ਖਿਲਾਫ ਦੁਬਾਰਾ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮੀਡੀਆ ਰਾਹੀਂ ਵੀ ਕਾਰਵਾਈ ਦੀ ਮੰਗ ਕਰਦੇ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਬਾਰੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਸਾਰੀਆਂ ਧਿਰਾਂ ਵਿਚਾਲੇ 5 ਜੂਨ ਨੂੰ ਮੁੜ ਮੀਟਿੰਗ ਹੋਵੇਗੀ। ਇਸ ਦੌਰਾਨ ਉਨ੍ਹਾਂ 7-8 ਜੂਨ ਨੂੰ ਸਰਹੱਦੀ ਖੇਤਰਾਂ ਦੇ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ। ਰਾਜਪਾਲ ਨੇ ਕਿਹਾ ਕਿ ਉਹ ਜਲਦੀ ਹੀ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਰਹੱਦੀ ਖੇਤਰ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਨੂੰ ਵੀ ਮਿਲਣਗੇ। ਇਸ ਦੌਰਾਨ ਉਹ ਉਨ੍ਹਾਂ ਮਾਮਲਿਆਂ ਦੀ ਵੀ ਜਾਂਚ ਕਰਨਗੇ ਜੋ ਸਰਹੱਦੀ ਖੇਤਰਾਂ ਲਈ ਚੁਣੌਤੀ ਬਣੇ ਹੋਏ ਹਨ। ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਤਸਕਰੀ ‘ਤੇ ਕਿੰਨਾ ਕਾਬੂ ਪਾਇਆ ਗਿਆ ਹੈ, ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।