ਪੰਜਾਬ ਸਮੇਤ ਉੱਤਰੀ ਭਾਰਤ ‘ਚ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ
ਚੰਡੀਗੜ੍ਹ,18 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਵਿੱਚ ਕੱਲ੍ਹ ਤੋਂ ਲੋਕਾਂ ਨੂੰ ਸਰਦੀ ਤੋਂ ਰਾਹਤ ਮਿਲਣ ਦੀ ਥੋੜ੍ਹੀ ਉਮੀਦ ਹੈ, ਪਰ ਵੈਸਟਰਨ ਡਿਸਟਰਬੈਂਸ 21 ਤੋਂ 25 ਜਨਵਰੀ ਤੱਕ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿਚ ਇਨ੍ਹਾਂ ਦਿਨਾਂ ਵਿਚ ਦੁਪਹਿਰ ਵੇਲੇ ਹਲਕੀ-ਹਲਕੀ ਧੁੱਪ ਨਿਕਲ ਰਹੀ ਹੈ ਪਰ ਰਾਤ ਸਮੇਂ ਕਈ ਸ਼ਹਿਰਾਂ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਜਾ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ 21 ਤੋਂ 25 ਜਨਵਰੀ ਤੱਕ ਸਰਗਰਮ ਰਹੇਗੀ, ਜਿਸ ਕਾਰਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 22 ਤੋਂ 25 ਜਨਵਰੀ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਿੱਚ 23 ਤੋਂ 24 ਜਨਵਰੀ ਨੂੰ ਹਲਕੀ ਗੜੇਮਾਰੀ ਦੀ ਵੀ ਸੰਭਾਵਨਾ ਹੈ, ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।