ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕਿਸਾਨਾਂ ਲਈ ਝੋਨੇ ਦੀ ਲਵਾਈ ਲਈ ਤਰੀਕਾਂ ਜਾਰੀ
ਚੰਡੀਗੜ੍ਹ,12 ਮਈ(ਵਿਸ਼ਵ ਵਾਰਤਾ)- : ਪੰਜਾਬ ਸਰਕਾਰ ਵਲੋਂ ਸੂਬੇ ’ਚ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਦੀਆਂ ਤਰੀਕਾਂ ਜਾਰੀ ਕਰ ਦਿਤੀਆਂ ਗਈਆਂ ਹਨ। ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ’ਚ ਹੋਵੇਗੀ ਅਤੇ ਇਸ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਚਿੱਠੀ ਅਨੁਸਾਰ ਪੂਰੇ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ (DSR) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਅਤੇ 31 ਮਈ ਤੱਕ ਜਾਰੀ ਰਹੇਗੀ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਜਿਹੜੇ ਰਵਾਇਤੀ ਬਿਜਾਈ ਰਾਹੀਂ ਝੋਨਾ ਬੀਜਿਆ ਜਾਂਦਾ ਹੈ, ਉਹ ਇਸ ਵਾਰ ਦੋ ਪੜਾਵਾਂ ਰਾਹੀਂ ਸ਼ੁਰੂ ਹੋਵੇਗੀ। ਜਦਕਿ ਪਿਛਲੇ ਸਾਲਾਂ ਦੌਰਾਨ ਇਹ ਚਾਰ ਪੜਾਵਾਂ ਤਹਿਤ ਹੁੰਦੀ ਸੀ। ਪਹਿਲਾ ਪੜਾਅ 11 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਵਾਲੇ ਇਲਾਕੇ ਆਉਣਗੇ। ਇਨ੍ਹਾਂ ਜ਼ਿਲ੍ਹਿਆਂ ਵਿੱਚ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਉਪਲੱਬਧ ਹੋਵੇਗਾ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਇਨ੍ਹਾਂ ਜਿਲ੍ਹਿਆਂ ਵਿੱਚ ਜ਼ਿਲ੍ਹਾ ਮੋਗਾ ,ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹੋਣਗੇ।